ਭਾਜਪਾ ‘ਚ ਸ਼ਾਮਿਲ ਹੋਣ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੂੰ ਮਿਲੀ Z Security, ਮਿਲ ਰਹੀਆਂ ਨੇ ਧਮਕੀਆਂ

by jaskamal

ਨਿਊਜ਼ ਡੈਸਕ (ਜਸਕਮਲ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸਾਬਕਾ ਪ੍ਰਧਾਨ ਤੇ ਦਿੱਲੀ ਤੋਂ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਉਹ ਹਾਲ ਹੀ 'ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਹਨ। ਸੂਤਰਾਂ ਮੁਤਾਬਕ ਉਨ੍ਹਾਂ ਦੀ ਸੁਰੱਖਿਆ 'ਚ ਸੀਆਰਪੀਐੱਫ ਦੇ ਕਮਾਂਡੋ ਹੋਣਗੇ। ਇਹ ਸੁਰੱਖਿਆ ਪ੍ਰਣਾਲੀ ਦਿੱਲੀ, ਪੰਜਾਬ, ਹਰਿਆਣਾ 'ਚ ਵਿਸ਼ੇਸ਼ ਤੌਰ 'ਤੇ ਚੌਕਸ ਰਹੇਗੀ। ਦੱਸ ਦਈਏ ਕਿ ਪੰਜਾਬ ਦੀਆਂ ਕਈ ਜਥੇਬੰਦੀਆਂ ਵੱਲੋਂ ਸਿਰਸਾ ਨੂੰ ਮਿਲ ਰਹੀਆਂ ਹਮਲੇ ਦੀਆਂ ਧਮਕੀਆਂ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਹਾਲ ਹੀ 'ਚ ਮਨਜਿੰਦਰ ਸਿੰਘ ਸਿਰਸਾ ਨੂੰ ਜਥੇਬੰਦੀ ਸਿੱਖ ਫਾਰ ਜਸਟਿਸ (SFJ) ਵੱਲੋਂ ਵੀ ਧਮਕੀ ਮਿਲੀ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੇਂਦਰੀ ਮੰਤਰੀਆਂ ਧਰਮਿੰਦਰ ਪ੍ਰਧਾਨ ਤੇ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ। ਉਹ ਰਾਸ਼ਟਰੀ ਰਾਜਧਾਨੀ 'ਚ ਸ਼੍ਰੋਮਣੀ ਅਕਾਲੀ ਦਲ ਦਾ ਇਕ ਪ੍ਰਮੁੱਖ ਚਿਹਰਾ ਰਿਹਾ ਹੈ ਤੇ ਇਹ ਤਿੰਨੋਂ ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਦਾ ਜ਼ੋਰਦਾਰ ਸਮਰਥਨ ਕਰਦੇ ਸਨ।