ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ : PM ਮੋਦੀ

by jaskamal

ਨਿਊਜ਼ ਡੈਸਕ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਦਿਹਾੜੇ ਮੌਕੇ ਦਿੱਲੀ ਲਾਲ ਕਿਲ੍ਹੇ ਤੋਂ ਧਾਰਮਿਕ ਸਮਾਗਮ ਚੱਲ ਰਹੇ ਹਨ। ਇਸ ਸਮਾਗਮ ਲਈ ਦਿੱਲੀ ਪੁਲਿਸ ਸਮੇਤ ਵੱਖ-ਵੱਖ ਏਜੰਸੀਆਂ ਦੇ ਕਰੀਬ 1000 ਜਵਾਨ ਤਾਇਨਾਤ ਕੀਤੇ ਗਏ ਹਨ। ਸਮਾਗਮ ਵਾਲੀ ਥਾਂ 'ਤੇ ਬਹੁ-ਘੇਰੀ ਸੁਰੱਖਿਆ ਇੰਤਜ਼ਾਮ ਹੈ। ਲਾਲ ਕਿਲ੍ਹੇ ਦੀ ਚਾਰਦੀਵਾਰੀ 'ਚ 100 ਦੇ ਕਰੀਬ ਸੀਸੀਟੀਵੀ ਕੈਮਰੇ ਲਾਏ ਗਏ ਹਨ। ਇਨ੍ਹਾਂ ਧਾਰਮਿਕ ਸਮਾਗਮਾਂ 'ਚ ਬੱਚਿਆਂ ਤੇ 400 ਕੀਰਤਨੀਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਪ੍ਰੋਗਰਾਮ 'ਚ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ 'ਤੇ ਪੁੱਜੇ ਸਨ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਮਾਨਵਤਾ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਅਸੀਂ ਵੀ ਉਨ੍ਹਾਂ ਦੇ ਦਰਸਾਏ ਮਾਰਗ ਉਤੇ ਚੱਲ ਰਹੇ ਹਾਂ ਤੇ ਸ਼ਾਂਤੀ ਬਣਾਏ ਰੱਖਣ ਲਈ ਕੰਮ ਕੀਤਾ ਜਾ ਰਿਹਾ ਹੈ। ਸਾਡੇ ਕੋਲ ਸਿੱਖਾਂ ਦੀ ਮਹਾਨ ਪਰੰਪਰਾ ਹੈ। ਸਿੱਖ ਭਾਈਚਾਰੇ ਨੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਪਣਾਇਆ ਹੈ। ਸਾਨੂੰ ਆਪਣੀ ਪਛਾਣ ਉਤੇ ਮਾਣ ਹੈ। ਗੁਰੂ ਤੇਗ ਬਹਾਦਰ ਅਜਿਹੀ ਸ਼ਖ਼ਸੀਅਤ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੂੰ ਸਿਖਰ 'ਤੇ ਲਿਜਾਣ ਲਈ ਸਭ ਦੇ ਸਹਿਯੋਗ ਦੀ ਲੋੜ ਹੈ। ਅਸੀਂ ਸਾਰੇ ਮਿਲ ਕੇ ਦੇਸ਼ ਨੂੰ ਨਵੀਂਆਂ ਉਚਾਈਆਂ 'ਤੇ ਲੈ ਕੇ ਜਾਵਾਂਗੇ। ਅੰਤ 'ਚ ਉਨ੍ਹਾਂ ਨੇ ਜੈਕਾਰਾ ਲਗਾਇਆ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।