ਕਪੂਰਥਲਾ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸੁਤੰਤਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਕਿਹਾ ਕਿ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਆਪਣੇ ਇਲਾਕਿਆਂ ਨਾਲ ਸਬੰਧਤ ਸ਼ਿਕਾਇਤਾਂ ਲਿਖਤੀ ਤੌਰ 'ਤੇ ਜ਼ਿਲਾ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ, ਤਾਂ ਜੋ ਇਨਾਂ ਦਾ ਸਥਾਈ ਤੌਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ, ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਸ. ਜੋਗਿੰਦਰ ਸਿੰਘ ਮਾਨ ਦੀ ਮੌਜੂਦਗੀ ਵਿਚ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਜ਼ਿਲੇ ਦੇ ਸਮੂਹ ਵਿਭਾਗੀ ਮੁਖੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਜਿਥੋਂ ਤੱਕ ਸੰਭਵ ਹੋਵੇ, ਉਨਾਂ ਦੇ ਵਿਭਾਗ ਨਾਲ ਸਬੰਧਤ ਸ਼ਿਕਾਇਤ ਦਾ ਨਿਪਟਾਰਾ ਵਿਭਾਗੀ ਪੱਧਰ 'ਤੇ ਹੀ ਕੀਤਾ ਜਾਵੇ।
ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਨੂੰ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਦੀ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਜ਼ਿਲੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿਣਗੇੇ। ਉਨਾਂ ਕਿਹਾ ਕਿ ਕੋਈ ਵੀ ਸ਼ਿਕਾਇਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਸਥਿਤ ਸ਼ਿਕਾਇਤ ਬ੍ਰਾਂਚ ਵਿਚ ਲਿਖਿਤ ਰੂਪ ਵਿਚ ਦਿੱਤੀ ਜਾਵੇ ਅਤੇ ਵਿਭਾਗੀ ਮੁਖੀ ਉਸ 'ਤੇ ਕੀਤੀ ਕਾਰਵਾਈ ਦੀ ਰਿਪੋਰਟ ਮੀਟਿੰਗ ਵਿਚ ਲੈ ਕੇ ਆਉਣ। ਉਨਾਂ ਕਿਹਾ ਕਿ ਹਰੇਕ ਮਹੀਨੇ ਦੀ 10 ਤਰੀਕ ਨੂੰ ਇਹ ਮੀਟਿੰਗ ਹੋਇਆ ਕਰੇਗੀ ਅਤੇ ਇਸ ਮੀਟਿੰਗ ਵਿਚ ਵਿਭਾਗ ਦੇ ਮੁਖੀ ਦਾ ਹਾਜ਼ਰੀ ਜ਼ਰੂਰੀ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਦਾ ਸਟੇਟਸ ਜਾਣਨ ਤੋਂ ਇਲਾਵਾ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਬਕਾਇਆ ਸ਼ਿਕਾਇਤਾਂ ਦੇ ਨਿਪਟਾਰੇ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਸਿਹਤ, ਸਿੱਖਿਆ, ਬਿਜਲੀ, ਵਾਟਰ ਸਪਲਾਈ, ਡਰੇਨੇਜ ਅਤੇ ਹੋਰਨਾਂ ਮਹਿਕਮਿਆਂ ਨਾਲ ਸਬੰਧਤ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ। ਸ੍ਰੀ ਸੋਨੀ ਵੱਲੋਂ ਇਨਾਂ ਸਮੱਸਿਆਵਾਂ ਦੇ ਫੌਰਨ ਨਿਪਟਾਰੇ ਦੀ ਹਦਾਇਤ ਕੀਤੀ ਗਈ। ਇਸ ਦੌਰਾਨ ਉਨਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਵੀ ਕੀਤੀ, ਜਿਨਾਂ ਵਿਚ ਸਮੱਗਰ ਸਿੱਖਿਆ ਅਭਿਆਨ, ਮਿਡ-ਡੇ-ਮੀਲ, ਪਾਣੀ ਦੀ ਸਾਂਭ-ਸੰਭਾਲ, ਬੇਟੀ ਬਚਾਓ ਬੇਟੀ ਪੜਾਓ ਅਤੇ ਘਰ-ਘਰ ਰੁਜ਼ਗਾਰ ਆਦਿ ਸਕੀਮਾਂ ਸ਼ਾਮਿਲ ਸਨ। ਉਨਾਂ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਯੋਗ ਲਾਭਪਾਤਰੀ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨਾਂ ਇਹ ਵੀ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਰਲ-ਮਿਲ ਕੇ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਉਨਾਂ ਕਿਹਾ ਕਿ ਜ਼ਿਲੇ ਦੇ ਹਰੇਕ ਬਲਾਕ ਵਿਚ ਘੱਟੋ-ਘੱਟ ਇਕ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇ ਅਤੇ ਪਾਣੀ ਬਚਾਉਣ ਲਈ 'ਰੇਨ ਵਾਟਰ ਹਾਰਵੈਸਟਿੰਗ ਅਤੇ ਗਰੇ ਵਾਟਰ ਹਾਰਵੈਸਟਿੰਗ ਪ੍ਰਣਾਲੀ ਅਪਣਾਈ ਜਾਵੇ। ਉਨਾਂ ਨਸ਼ਿਆਂ ਦੇ ਖਾਤਮੇ, ਸਵੈ-ਰੁਜ਼ਗਾਰ, ਪਾਣੀ ਬਚਾਉਣ ਅਤੇ ਰੁੱਖ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਜ਼ਿਲੇ ਵਿਚ ਕੀਤੀਆਂ ਗਈਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਉਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ. ਬਖਤਾਵਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ (ਜ) ਡਾ. ਸ਼ਿਖਾ ਭਗਤ, ਐਸ. ਡੀ. ਐਮ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਸ੍ਰੀਮਤੀ ਨਵਨੀਤ ਕੌਰ ਬੱਲ, ਸ. ਸਕੱਤਰ ਸਿੰਘ ਬੱਲ ਤੇ ਡਾ. ਜੈ ਇੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਹਾਜ਼ਰ ਸਨ।



