ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਸੰਦੀਪ ਨੰਗਲ ਦੀ ਮੌਤ ਦੀ ਜ਼ਿੰਮੇਵਾਰੀ ਲੈਣ ਦੀ ਖਬਰ ਝੂਠੀ

by jaskamal

ਨਿਊਜ਼ ਡੈਸਕ : ਜਲੰਧਰ ਦੇ ਪਿੰਡ ਮੱਲੀਆਂ ਖੁਰਦ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦਾ ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਹਾਲਾਂਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਪੋਸਟਰ ਨੂੰ ਫਰਜ਼ੀ ਦੱਸਿਆ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਇਸ ਦਾਅਵੇ ਤੋਂ ਇਨਕਾਰ ਕੀਤਾ ਹੈ।

ਪੁਲਿਸ ਮੁਤਾਬਕ ਇਸ ਘਟਨਾ 'ਚ ਸੰਦੀਪ ਦੇ ਇਕ ਦੋਸਤ ਨੂੰ ਵੀ ਗੋਲੀ ਲੱਗੀ ਹੈ। ਮੌਕੇ 'ਤੇ ਪਹੁੰਚੇ ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਕਪਤਾਨ ਪੁਲਿਸ (ਐਸ.ਐਸ.ਪੀ.) ਸਤਿੰਦਰ ਸਿੰਘ ਨੇ ਦੱਸਿਆ ਕਿ ਸੰਦੀਪ ਇੱਥੇ ਕਬੱਡੀ ਮੈਚ ਲਈ ਆਪਣੀ ਟੀਮ ਲਈ ਆਇਆ ਸੀ ਅਤੇ ਸ਼ਾਮ ਕਰੀਬ 6 ਵਜੇ ਸਵਿਫ਼ਟ ਕਾਰ 'ਚ ਚਾਰ ਅਣਪਛਾਤੇ ਨੌਜਵਾਨ ਆਏ | ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਸੰਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦਾ ਇਕ ਦੋਸਤ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਹੁਣ ਸਥਿਰ ਹੈ। ਐੱਸਐੱਸਪੀ ਨੇ ਅੱਗੇ ਕਿਹਾ, "ਅਸੀਂ ਮੁੱਢਲੀ ਜਾਂਚ ਕਰ ਲਈ ਹੈ ਪਰ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ, ਹਾਲਾਂਕਿ ਕਾਤਲਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।"