ਪੰਜਾਬ ‘ਚ Night Curfew ਦਾ ਸਮਾਂ ਬਦਲਿਆ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆਂ ਆਉਣ ਵਾਲੇ ਦਿਨਾਂ 'ਚ ਸਖ਼ਤੀ ਕੀਤੀ ਜਾ ਸਕਦੀ ਹੈ ਕਿਉਂਕਿ ਕੋਰੋਨਾ ਹੁਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਸੂਬੇ 'ਚ ਕੋਵਿਡ ਮਾਮਲਿਆਂ ਦੀ ਗਿਣਤੀ ਵਧਣ ਅਤੇ ਰੋਜ਼ਾਨਾ ਪਾਜ਼ੇਟਿਵ ਕੇਸਾਂ ਦੀ ਦਰ 5 ਫ਼ੀਸਦੀ ਤੋਂ ਪਾਰ ਜਾਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਆਪਣੀ ਟੀਕਾਕਰਨ ਨੀਤੀ 'ਤੇ ਫਿਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਦੱਸਣਯੋਗ ਹੈ ਕਿ ਪਹਿਲਾਂ ਪੰਜਾਬ ਦੇ ਜ਼ਿਲ੍ਹਿਆਂ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਪੰਜਾਬ ਦੇ ਜ਼ਿਲ੍ਹਿਆਂ ਜਲੰਧਰ, ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਕਪੂਰਥਲਾ, ਮੋਹਾਲੀ 'ਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਹੋਵੇਗਾ।

ਹੁਣ ਤੱਕ ਸੂਬੇ 'ਚ 203049 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6172 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਬੀਤੇ ਦਿਨ ਸੂਬੇ 'ਚ ਕੁੱਲ 33792 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 2039 ਲੋਕ ਪਾਜ਼ੇਟਿਵ ਪਾਏ ਗਏ ਹਨ।