ਕੇਂਦਰ ਦੀ ਦੋ ਟੁਕ; ਕਿਸਾਨ ਅੰਦੋਲਨ ‘ਚ ਜਾਨ ਗੁਆਉਣ ਵਾਲਿਆਂ ਦੇ ਅੰਕੜੇ ਨਹੀਂ, ਮੁਆਵਜ਼ੇ ਦਾ ਸਵਾਲ ਹੀ ਨਹੀਂ ਉਠਦਾ

by jaskamal

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਨੇ ਸੰਸਦ 'ਚ ਕਿਹਾ ਹੈ ਕਿ ਉਨ੍ਹਾਂ ਕੋਲ ਕਿਸਾਨ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਦੇ ਅੰਕੜੇ ਨਹੀਂ ਹਨ, ਅਜਿਹੇ 'ਚ ਮੁਆਵਜ਼ੇ ਕਿਵੇਂ ਦੇਣੇ ਬਣਦੇ ਹਨ। ਦਰਅਸਲ, ਬੁੱਧਵਾਰ ਨੂੰ ਵਿਰੋਧੀ ਧਿਰ ਨੇ ਸੰਸਦ 'ਚ ਸਵਾਲ ਉਠਾਇਆ ਸੀ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਜਾਂ ਨਹੀਂ।

ਇਸ 'ਤੇ ਸਰਕਾਰ ਨੇ ਜਵਾਬ ਦਿੱਤਾ ਕਿ 'ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਕੋਲ ਇਸ ਮਾਮਲੇ ਸਬੰਧੀ ਕੋਈ ਰਿਕਾਰਡ ਨਹੀਂ ਹੈ ਤੇ ਇਸ ਲਈ ਸਵਾਲ ਹੀ ਨਹੀਂ ਉਠਦਾ।'

ਵਿਰੋਧੀ ਧਿਰ ਦੇ ਆਗੂਆਂ ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ 'ਚ 700 ਤੋਂ ਵੱਧ ਕਿਸਾਨ ਜਾਨਾਂ ਗੁਆ ਚੁੱਕੇ ਹਨ।

ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਨ੍ਹਾਂ 700 ਕਿਸਾਨਾਂ ਦੇ ਪਰਿਵਾਰ ਨੂੰ ਮੁਆਵਜ਼ਾ ਦੇਵੇ।