ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਦਾ ਇਕਜੁੱਟ ਹੋਣਾ ਜ਼ਰੂਰੀ : ਐਡਵੋਕੇਟ ਧਾਮੀ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ 'ਚ ਸਮੂਹ ਜਥੇਬੰਦੀਆਂ ਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਧਾਮੀ ਨੇ ਇਕ ਬਿਆਨ 'ਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ 'ਚ ਸ਼ਾਮਲ ਹੋ ਕੇ ਆਪਣੇ ਸੁਝਾਅ 1ਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ।

ਉਨ੍ਹਾਂ ਕਿਹਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ ਜਿਸ ਸੰਦਰਭ ਵਿੱਚ ਸੱਦੀ ਗਈ ਬੈਠਕ ਅਹਿਮ ਹੈ। ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਤੇ ਸੁਝਾਅ ਅਤਿ ਲੋੜੀਂਦੇ ਹਨ ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖ਼ਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ।