ਲੋਕ “ਵੋਟਰ ਕਿਊ ਇਨਫੋਰਮੇਸ਼ਨ ਸਿਸਟਮ” ਨਾਲ ਘਰ ਬੈਠੇ ਹੀ ਪੋਲਿੰਗ ਬੂਥਾਂ ‘ਤੇ ਲੱਗੀ ਕਤਾਰ ਦੀ ਲੈ ਸਕਣਗੇ ਜਾਣਕਾਰੀ : ਜਿਲ੍ਹਾ ਚੋਣ ਅਧਿਕਾਰੀ

by jagjeetkaur

ਅੰਮ੍ਰਿਤਸਰ : ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ ਪੰਜਾਬ ਵਲੋਂ ” ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ” ਦੀ ਸੁਰੂਆਤ ਕੀਤੀ ਹੈ। ਜਿਸ ਦੀ ਮਦਦ ਨਾਲ ਵੋਟਰ ਵੋਟ ਵਾਲੇ ਦਿਨ 01 ਜੂਨ ਨੂੰ ਆਪਣੇ ਪੋਲਿੰਗ ਸਟੇਸ਼ਨ ਉੱਤੇ ਜਾਣ ਤੋਂ ਪਹਿਲਾ ਹੀ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰ ਵਿੱਚ ਖੜ੍ਹੇ ਹਨ ।

ਉਨ੍ਹਾਂ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਐਨਆਈਸੀ ਪੰਜਾਬ ਅਤੇ ਮੈਟਾ ਵਲੋਂ ਤਿਆਰ ਕੀਤਾ ” ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ” ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 74474-47217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਵੇਗੀ । ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ। 

ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ।