ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬੀਆਂ ਅਤੇ ਸਿੱਖਾਂ ਦੀ ਸੱਚੀ ਹਮਦਰਦ ਸਰਕਾਰ ਹੈ: ਤਰੁਣ ਚੁੱਘ

by jagjeetkaur

ਚੰਡੀਗੜ੍ਹ, 8 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੁਨੀਆ ਦੇ ਸਭ ਤੋਂ ਵੱਧ ਲੋਕਪ੍ਰੀਆ ਨੇਤਾ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਭਾਰਤ ਦੇ ਵਿਕਾਸ ਦਾ ਜਾਦੂ ਅੱਜ ਦੁਨੀਆ ਦੇ ਸਾਰੇ ਦੇਸ਼ਾਂ ਵਿੱਚ ਬੋਲ ਰਿਹਾ ਹੈ। ਦੇਸ਼ ਦੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਭਾਜਪਾ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35-ਏ ਅਤੇ ਮੁਸਲਿਮ ਭੈਣਾਂ ਲਈ ਤਿੰਨ ਤਲਾਕ ਦੇ ਭਾਰ ਨੂੰ ਖ਼ਤਮ ਕਰ ਦਿੱਤਾ ਹੈ। ਮਾਣਯੋਗ ਅਦਾਲਤ ਦੇ ਇਤਿਹਾਸਕ ਫੈਸਲੇ ਤੋਂ ਬਾਅਦ ਅਯੁੱਧਿਆ 'ਚ ਭਗਵਾਨ ਸ਼੍ਰੀ ਰਾਮ ਮੰਦਰ ਦਾ ਸ਼ਾਨਦਾਰ ਨਿਰਮਾਣ ਸ਼ੁਰੂ ਕੀਤਾ ਗਿਆ ਸੀ, ਜਿਸ 'ਚ 22 ਜਨਵਰੀ 2024 ਨੂੰ ਸ਼੍ਰੀ ਰਾਮ ਲੱਲਾ ਦੀ ਪ੍ਰਾਨ ਪ੍ਰਤਿਸ਼ਠਾ ਹੋਣੀ ਹੈ। ਦੁਨੀਆ ਦੇ ਸਾਰੇ ਸਨਾਤਨੀਆਂ ਲਈ ਇਹ ਇਤਿਹਾਸਕ ਪਲ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਹਰਮਨ ਪਿਆਰੇ ਨੇਤਾ ਹੋਣ ਦਾ ਸਬੂਤ ਵਿਸ਼ਵ ਮੀਡੀਆ ਕਈ ਵਾਰ ਦੇ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਦੇਸ਼ ਵਿੱਚ 400 ਤੋਂ ਜ਼ਿਆਦਾ ਤੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜੇਗੀ।

ਚੁੱਘ ਨੇ ਕਿਹਾ ਕਿ ਸਾਡੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਵਿੱਚ ਭਾਰਤ ਦੁਨੀਆ ਦਾ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਬਣ ਚੁੱਕਾ ਹੈ।ਅੱਜ ਦੁਨੀਆ ਦੇ ਸਾਰੇ ਦੇਸ਼ ਪ੍ਰਧਾਨਮੰਤਰੀ ਮੋਦੀ ਦੀ ਸਲਾਹ ਲੈਂਦੇ ਹਨ। ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਦੇਸ਼ ਨੂੰ ਤੇਜੀ ਨਾਲ ਵਿਕਾਸ ਦੀ ਗਤੀ 'ਤੇ ਅੱਗੇ ਲਿਜਾਇਆ ਹੈ, ਉੱਥੇ ਹੀ ਉਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਆਪਣਾ ਫਰਜ਼ ਵੀ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ, 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ 39 ਸਾਲਾਂ ਬਾਅਦ ਸਜ਼ਾਵਾਂ, ਸ਼੍ਰੀ ਹਰਿਮੰਦਿਰ ਸਾਹਿਬ ਨੂੰ ਐਫਸੀਆਰਏ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਫਗਾਨਿਸਤਾਨ ਤੋਂ ਪੂਰੇ ਸਤਿਕਾਰ ਨਾਲ ਭਾਰਤ ਲਿਆਉਣਾ, ਕਾਲੀ ਸੂਚੀ ਖਤਮ ਕਰਨਾ ਆਦਿ ਵੱਡੇ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸਾਰਥਕ ਸੋਚ ਨੂੰ ਦਰਸਾਉਂਦੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਪੁਰਬ, ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਗੁਰਪੁਰਬ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਦੇਸ਼-ਵਿਦੇਸ਼ ਵਿੱਚ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਵਾਲੇ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਘੋਸ਼ਿਤ ਕਰਨਾ ਨਰਿੰਦਰ ਮੋਦੀ ਸਰਕਾਰ ਦੀ ਸਿੱਖ ਧਰਮ ਪ੍ਰਤੀ ਸ਼ਰਧਾ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ।

ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵਾਰ ਫਿਰ ਭਾਰਤ ਦੀ 82 ਕਰੋੜ ਆਬਾਦੀ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਅਗਲੇ ਪੰਜ ਸਾਲਾਂ ਲਈ ਵਿਸਥਾਰ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਕੂਟਨੀਤੀ, ਸਟੀਕ ਫੈਸਲਿਆਂ ਅਤੇ ਅਣਥੱਕ ਮਿਹਨਤ ਸਦਕਾ ਅੱਜ ਭਾਰਤ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣ ਚੁੱਕਾ ਹੈ ਅਤੇ ਅਗਲੇ ਪੰਜ ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਵਾਲਾ ਦੇਸ਼ ਬਣ ਜਾਵੇਗਾ। ਅੱਜ ਭਾਰਤ ਦਾ ਨੌਜਵਾਨ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਿਹਾ ਹੈ ਤਾਂ ਜੋ ਪ੍ਰਧਾਨਮੰਤਰੀ ਮੋਦੀ ਵਲੋਂ ਭਾਰਤ ਨੂੰ ਵਿਸ਼ਵ-ਗੁਰੂ ਅਤੇ ਵਿਸ਼ਵ-ਸ਼ਕਤੀ ਬਣਨ ਦੇ ਵੇਖੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਦੀ ਵਾਰੀ ਹੈ, ਉਹਨਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਵਿੱਚੋਂ 13 ਲੋਕ ਸਭਾ ਸੀਟਾਂ ’ਤੇ ਭਾਜਪਾ ਦੇ ਉਮੀਦਵਾਰਾਂ ਨੂੰ ਜਿਤਾ ਕੇ ਪ੍ਰਧਾਨ ਮੰਤਰੀ ਮੋਦੀ ਦੀ ਬ੍ਰਿਗੇਡ ਵਿੱਚ ਭੇਜ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ।