ਦਿੱਲੀ ਦੀ ਕਿਸਾਨ ਮਹਾਂ ਰੈਲੀ ਲਈ ਬੀਕੇਯੂ ਉਗਰਾਹਾਂ ਨੇ ਖਿੱਚੀ ਤਿਆਰੀ

by jaskamal

ਪੱਤਰ ਪ੍ਰੇਰਕ : ਬਰਨਾਲਾ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 14 ਮਾਰਚ ਨੂੰ ਰਾਮਲੀਲਾ ਮੈਦਾਨ ਦਿੱਲੀ ਵਿਖੇ ਕੀਤੀ ਜਾ ਰਹੀ ਕਿਸਾਨ ਮਜ਼ਦੂਰ ਮਹਾਂਪੰਚਾਇਤ ਲਈ ਅੱਜ ਬਰਨਾਲਾ ਦੀ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੀਟਿੰਗ ਕੀਤੀ ਗਈ।

ਇਸ ਮੌਕੇ 100 ਤੋਂ ਵੱਧ ਮਹਿਲਾ ਆਗੂਆਂ ਅਤੇ ਨੌਜਵਾਨਾਂ ਸਮੇਤ ਤਿੰਨ ਹਜ਼ਾਰ ਤੋਂ ਵੱਧ ਕਿਸਾਨ ਆਗੂ/ਵਰਕਰ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਦੀ ਇਸ ਮਹਾਂਪੰਚਾਇਤ ਦਾ ਇਕੱਠ ਮੋਦੀ ਭਾਜਪਾ ਸਰਕਾਰ ਅਤੇ ਕਾਰਪੋਰੇਟਾਂ ਲਈ ਕਿੱਲ ਸਾਬਤ ਹੋਵੇਗਾ।

ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੱਡੀਆਂ ਬੱਸਾਂ ਰਾਹੀਂ ਵਿਸ਼ਾਲ ਕਾਫ਼ਲੇ ਬੰਨ੍ਹ ਕੇ ਦਿੱਲੀ ਵੱਲ ਚਾਲੇ ਪਾਏ ਜਾਣ। ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਇਹ ਕਾਫ਼ਲੇ 13 ਮਾਰਚ ਨੂੰ 12 ਵਜੇ ਤੋਂ ਪਹਿਲਾਂ ਪਹਿਲਾਂ ਰਵਾਨਾ ਹੋਣਗੇ ਅਤੇ 14 ਮਾਰਚ ਦੀ ਸਵੇਰ 10 ਵਜੇ ਤੱਕ ਰਾਮਲੀਲਾ ਮੈਦਾਨ ਪਹੁੰਚਣਗੇ।

ਮਹਾਂਪੰਚਾਇਤ ਦੀਆਂ ਮੰਗਾਂ ਬਾਰੇ ਉਨ੍ਹਾਂ ਦੱਸਿਆ ਕਿ ਸੰਸਾਰ ਵਪਾਰ ਸੰਸਥਾ ਵਿੱਚੋਂ ਬਾਹਰ ਆ ਕੇ ਸਾਰੀਆਂ ਫਸਲਾਂ ਦੀ ਐੱਮ ਐੱਸ ਪੀ ਦੀ ਕਾਨੂੰਨੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਤੇ ਬੁਢਾਪਾ ਪੈਨਸ਼ਨ, ਸਰਵਜਨਿਕ ਜਨਤਕ ਵੰਡ ਪ੍ਰਣਾਲੀ ਸਮੂਹ ਗਰੀਬਾਂ ਵਾਸਤੇ ਲਾਗੂ ਕਰਨ ਅਤੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਪੂਰਾ ਇਨਸਾਫ ਦੇਣ ਵਰਗੀਆਂ ਮੋਦੀ ਸਰਕਾਰ ਵੱਲੋਂ ਵਾਅਦਾਖਿਲਾਫੀ ਕਰਕੇ ਮੁੱਕਰੀਆਂ ਸਮੂਹ ਕਿਸਾਨੀ ਮੰਗਾਂ ਤੁਰੰਤ ਮੰਨੇ ਜਾਣ ਤੇ ਲਾਗੂ ਕਰਨ ਦੀ ਮੰਗ ਮੁੱਖ ਹੈ।

ਨਾਲ ਹੀ ਸ਼ੁਭਕਰਨ ਸਿੰਘ ਦਾ ਕਤਲ ਕਰਨ ਅਤੇ ਪ੍ਰੀਤਪਾਲ ਸਿੰਘ ਦੀ ਜ਼ਖਮੀ ਹਾਲਤ ਲਈ ਜ਼ਿੰਮੇਵਾਰ ਕੇਂਦਰ ਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਅਮਿਤ ਸ਼ਾਹ ਅਤੇ ਅਨਿਲ ਵਿਜ ਸਮੇਤ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਬਰਖਾਸਤ ਕਰਨ ਦੀ ਮੰਗ ਹੈ। ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦਾ ਜਨਤਕ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕਰਨ ਦੀਆਂ ਭਖਦੀਆਂ ਮੰਗਾਂ ਵੀ ਸ਼ਾਮਲ ਹਨ।

More News

NRI Post
..
NRI Post
..
NRI Post
..