ਮੁੱਖ ਮੰਤਰੀ ਨੂੰ ਮਿਲੇ ਜੋਗਿੰਦਰ ਸਿੰਘ ਉਗਰਾਹਾਂ ਸਣੇ ਹੋਰ ਕਿਸਾਨ ਆਗੂ, ਵਾਹਨਾਂ ਨੂੰ ਟੋਲ ਮੁਕਤ ਕਰਨ ਦੀ ਮੰਗ

ਮੁੱਖ ਮੰਤਰੀ ਨੂੰ ਮਿਲੇ ਜੋਗਿੰਦਰ ਸਿੰਘ ਉਗਰਾਹਾਂ ਸਣੇ ਹੋਰ ਕਿਸਾਨ ਆਗੂ, ਵਾਹਨਾਂ ਨੂੰ ਟੋਲ ਮੁਕਤ ਕਰਨ ਦੀ ਮੰਗ

ਨਿਊਜ਼ ਡੈਸਕ (ਜਸਕਮਲ) : ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਦਬਾਅ ਬਣਾਉਣ ਦੇ ਇਰਾਦੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਵੀਰਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਤੇ ਪ੍ਰਸ਼ਾਸਨ ਅੱਗੇ ਆਪਣੇ ਦਾਅਵੇ ਪੇਸ਼ ਕੀਤੇ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਅਨੁਸਾਰ, ਕਿਸਾਨਾਂ ਨੇ ਮੁੱਖ ਮੰਤਰੀ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ, ਜਿਸ ‘ਚ ਕਿਸਾਨ ਕਰਜ਼ਾ ਮੁਆਫ਼ੀ, ਕਿਸਾਨ ਵਿਰੋਧੀ ਕਾਨੂੰਨ ਅੰਦੋਲਨ ਦੌਰਾਨ ਕਿਸਾਨਾਂ ਵਿਰੁੱਧ ਦਰਜ ਐਫਆਈਆਰਜ਼ ਨੂੰ ਰੱਦ ਕਰਨਾ ਅਤੇ ਹਾਈਵੇ ਪ੍ਰਾਜੈਕਟਾਂ ਲਈ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਸ਼ਾਮਲ ਹੈ।

ਕਿਸਾਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕਰ ਕੇ ਆਪਣੇ ਵਾਹਨਾਂ ਦੀ ਟੋਲ ਮੁਕਤ ਆਵਾਜਾਈ ਦੀ ਮੰਗ ਵੀ ਕੀਤੀ।ਚੰਨੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਗੱਲ ਕਰਨਗੇ।

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਏਕਤਾ ਉਗਰਾਹਾਂ ਪੰਜਾਬ ਦੇ ਪ੍ਰਧਾਨ ਜੋਗਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸੂਬਾ ਪ੍ਰਸ਼ਾਸਨ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਕਾਰ ਅਗਲੀ ਮੀਟਿੰਗ 29 ਦਸੰਬਰ ਨੂੰ ਹੋਵੇਗੀ। “ਅਸੀਂ ਅੱਜ ਪੰਜਾਬ ਦੇ ਮੁੱਖ ਮੰਤਰੀ ਨਾਲ ਸਾਡੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ ਜਿਸ ‘ਚ ਕਿਸਾਨ ਕਰਜ਼ਾ ਮੁਆਫ਼ੀ, ਮੁਆਵਜ਼ਾ ਆਦਿ ਸ਼ਾਮਲ ਹਨ। ‘ਮੁੱਖ ਮੰਤਰੀ ਨੇ ਕਿਹਾ ਹੈ ਕਿ ਉਹ ਇਸ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਗੱਲ ਕਰਨਗੇ। ਅਗਲੀ ਮੀਟਿੰਗ 29 ਦਸੰਬਰ ਨੂੰ ਹੋਵੇਗੀ।