ਬਠਿੰਡਾ (ਰਾਘਵ) : 5 ਫਰਵਰੀ ਨੂੰ ਪਿੰਡ ਭਾਈਰੂਪਾ 'ਚ ਹੋਏ ਗੈਂਗਸਟਰ ਓਵਰਸੀਰ ਸਿੰਘ ਦੇ ਕਤਲ ਮਾਮਲੇ ਦੀ ਜਾਂਚ ਕਰਦੇ ਹੋਏ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਠਿੰਡਾ ਪੁਲਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਕਰਾਸ ਐੱਫ.ਆਈ.ਆਰ. 'ਚ ਮ੍ਰਿਤਕ ਅਪਰਾਧੀ ਦੇ ਦੋ ਸਾਥੀਆਂ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਲਖਵਿੰਦਰ ਸਿੰਘ ਗਿੱਲ ਵਾਸੀ ਪਿੰਡ ਬੁਰਜ, ਜ਼ਿਲ੍ਹਾ ਬਠਿੰਡਾ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਵਾਸੀ ਪਿੰਡ ਭਾਈਰੂਪਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ .32 ਬੋਰ ਦੇ ਦੋ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਬਠਿੰਡਾ ਪੰਜਾਬ ਪੁਲਿਸ ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਗੈਂਗਸਟਰ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਕੀਤੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਇਸ ਮਾਮਲੇ ਵਿੱਚ ਅੱਗੇ-ਪਿੱਛੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਦੋਵਾਂ ਗ੍ਰਿਫ਼ਤਾਰ ਵਿਅਕਤੀਆਂ ਦੀ ਭੂਮਿਕਾ ਸਾਹਮਣੇ ਆਈ ਹੈ ਅਤੇ ਪੁਲੀਸ ਟੀਮਾਂ ਨੇ ਦੋਵਾਂ ਨੂੰ ਬਠਿੰਡਾ ਦੇ ਪਿੰਡ ਭਾਈਰੂਪਾ ਤੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਲਖਵਿੰਦਰ ਗਿੱਲ ਅਤੇ ਅਵਤਾਰ ਸਿੰਘ ਉਰਫ਼ ਢਿੱਲੋਂ ਮ੍ਰਿਤਕ ਓਵਰਸੀਰ ਸਿੰਘ ਦੇ ਸਾਥੀ ਸਨ ਅਤੇ ਉਨ੍ਹਾਂ ਨੇ ਦੂਜੀ ਧਿਰ ’ਤੇ ਗੋਲੀਆਂ ਚਲਾਈਆਂ ਸਨ। ਦੋਵਾਂ ਮੁਲਜ਼ਮਾਂ ਨੂੰ ਕਰਾਸ ਐਫਆਈਆਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।



