
ਜਲੰਧਰ (ਰਾਘਵ) : ਨਕੋਦਰ 'ਚ ਅਪਰਾਧਿਕ ਅਨਸਰਾਂ ਵਲੋਂ ਵਪਾਰੀ ਵਰਗ ਨੂੰ ਨਿਸ਼ਾਨਾ ਬਣਾਉਣ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਸ਼ਹਿਰ ਦੇ ਇਕ ਮਸ਼ਹੂਰ ਬੇਕਰੀ ਮਾਲਕ ਨਾਲ ਸਬੰਧਤ ਹੈ, ਜਿਸ ਤੋਂ ਅਣਪਛਾਤੇ ਲੋਕਾਂ ਨੇ ਗੈਂਗਸਟਰ ਦੇ ਨਾਂ 'ਤੇ ਫੋਨ ਕਰਕੇ ਲੱਖਾਂ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਸੂਤਰਾਂ ਮੁਤਾਬਕ ਬੇਕਰੀ ਮਾਲਕ ਨੂੰ ਕੁਝ ਦਿਨ ਪਹਿਲਾਂ ਕਿਸੇ ਅਣਪਛਾਤੇ ਨੰਬਰ ਤੋਂ ਕਈ ਫੋਨ ਆਏ ਸਨ। ਫੋਨ ਕਰਨ ਵਾਲੇ ਨੇ ਬੇਕਰੀ ਮਾਲਕ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਉਸ ਨੇ ਚੁੱਪਚਾਪ ਲੱਖਾਂ ਰੁਪਏ ਨਾ ਦਿੱਤੇ ਤਾਂ ਉਸ ਦਾ ਅਤੇ ਉਸ ਦੇ ਪਰਿਵਾਰ ਦਾ ਨੁਕਸਾਨ ਕੀਤਾ ਜਾਵੇਗਾ। ਮਾਲਕ ਨੇ ਤੁਰੰਤ ਥਾਣਾ ਨਕੋਦਰ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ, ਜਿਸ 'ਤੇ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਘਟਨਾ ਤੋਂ ਬਾਅਦ ਨਕੋਦਰ ਦੇ ਵਪਾਰੀ ਵਰਗ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਵਪਾਰੀਆਂ ਨੇ ਪੁਲੀਸ ਤੋਂ ਮੰਗ ਕੀਤੀ ਕਿ ਸ਼ਹਿਰ ਵਿੱਚ ਗਸ਼ਤ ਵਧਾਈ ਜਾਵੇ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ। ਨਕੋਦਰ ਵਿੱਚ ਇੱਕ ਬੇਕਰੀ ਮਾਲਕ ਤੋਂ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਨੂੰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਗੰਭੀਰਤਾ ਨਾਲ ਲਿਆ ਹੈ। ਇਸ ਦੇ ਹੱਲ ਲਈ ਅਤੇ ਫਿਰੌਤੀ ਦੀ ਮੰਗ ਕਰਨ ਵਾਲੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਲਈ ਸੀ.ਆਈ.ਏ. ਸਟਾਫ਼ ਅਤੇ ਨਕੋਦਰ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਮੋਬਾਈਲ ਫੋਨ ਨੰਬਰ ਟਰੇਸ ਕਰਨ ਸਮੇਤ ਜੁਰਮ ਨੂੰ ਸੁਲਝਾਉਣ ਲਈ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ। ਸੂਤਰਾਂ ਅਨੁਸਾਰ ਪੁਲੀਸ ਨੇ ਉਕਤ ਮਾਮਲੇ ਵਿੱਚ ਲੋੜੀਂਦੇ ਨਕੋਦਰ ਦੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਤਾ ਲੱਗਾ ਹੈ ਕਿ ਇਸ ਸਬੰਧੀ ਖੁਲਾਸਾ ਕਰਨ ਲਈ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ।