ਚੰਡੀਗੜ੍ਹ (ਪਾਇਲ): ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਪੰਜਾਬ 'ਚ ਸਖ਼ਤ ਵਿਰੋਧ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਮੁੱਦੇ 'ਤੇ ਜਿੱਥੇ 30 ਦਸੰਬਰ ਨੂੰ ਇਕ ਵਿਸ਼ੇਸ਼ ਸੈਸ਼ਨ ਬੁਲਾਇਆ ਹੈ ਉਥੇ ਹੀ ਕਾਂਗਰਸ ਪਾਰਟੀ ਨੇ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੋਹਾਲੀ ਦੇ ਖਰੜ ਵਿੱਚ ਇਕ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਗ਼ਰੀਬ ਲੋਕਾਂ ਤੋਂ ਰੋਜ਼ੀ-ਰੋਟੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗ਼ਰੀਬ ਲੋਕਾਂ ਨਾਲ ਧੱਕਾ ਕਰਕੇ ਬਹੁਤ ਗਲਤ ਕਰ ਰਹੀ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਹਿਲਾਂ ਮਨਰੇਗਾ ਵਿਚ 90 ਫ਼ੀਸਦੀ ਹਿੱਸਾ ਕੇਂਦਰ ਸਰਕਾਰ ਅਤੇ 10 ਫ਼ੀਸਦੀ ਹਿੱਸਾ ਸੂਬਾ ਸਰਕਾਰ ਵੱਲੋਂ ਦਿੱਤਾ ਜਾਂਦਾ ਸੀ। ਹਾਲਾਂਕਿ ਭੁਗਤਾਨ ਰੁਕ ਗਏ ਹਨ ਕਿਉਂਕਿ ਪੰਜਾਬ ਸਰਕਾਰ ਆਪਣਾ 10 ਫ਼ੀਸਦੀ ਹਿੱਸਾ ਵੀ ਨਹੀਂ ਦੇ ਸਕੀ। ਹੁਣ ਹਾਲਾਤ ਅਜਿਹੇ ਹਨ ਕਿ ਕੰਮਾਂ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਇਸ ਦਾ ਸਿੱਧਾ ਅਸਰ ਸੜਕ ਦੀ ਸਫ਼ਾਈ, ਸਿੰਚਾਈ ਅਤੇ ਪੇਂਡੂ ਵਿਕਾਸ ਪ੍ਰਾਜੈਕਟਾਂ 'ਤੇ ਪੈਂਦਾ ਹੈ। ਰਾਜਾ ਵੜਿੰਗ ਨੇ ਲੁਧਿਆਣਾ ਜ਼ਿਲ੍ਹੇ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਮਨਰੇਗਾ ਅਧੀਨ 121,123 ਮਜ਼ਦੂਰ ਰਜਿਸਟਰਡ ਹਨ ਪਰ ਸਿਰਫ਼ 51,488 ਮਜ਼ਦੂਰਾਂ ਨੂੰ ਕੰਮ ਮਿਲਿਆ ਹੈ। ਇਨ੍ਹਾਂ ਵਿੱਚੋਂ ਸਿਰਫ਼ 12 ਪਰਿਵਾਰਾਂ ਨੂੰ 100 ਦਿਨ ਕੰਮ ਮਿਲਿਆ। ਉਨ੍ਹਾਂ ਕਿਹਾ ਕਿ ਸਥਿਤੀ ਬਹੁਤ ਚਿੰਤਾਜਨਕ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰ ਦੋਵੇਂ ਇਸ ਲਈ ਜ਼ਿੰਮੇਵਾਰ ਹਨ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਮਨਰੇਗਾ ਅਧੀਨ ਮਜ਼ਦੂਰੀ ਇਸ ਵੇਲੇ 346 ਰੁਪਏ ਪ੍ਰਤੀ ਦਿਨ ਦਿੱਤੀ ਜਾ ਰਹੀ ਹੈ, ਜਦਕਿ ਪਹਿਲਾਂ 500 ਰੁਪਏ ਦੇਣ ਦਾ ਐਲਾਨ ਕੀਤਾ ਗਿਆ ਸੀ। ਪਹਿਲਾਂ 100 ਦਿਨ ਦੇ ਕੰਮ ਦੀ ਗਰੰਟੀ ਦੀ ਗੱਲ ਕਹੀ ਗਈ ਸੀ, ਜਿਸ ਨੂੰ ਹੁਣ 125 ਦਿਨ ਦੱਸਿਆ ਜਾ ਰਿਹਾ ਹੈ ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ।


