ਚੰਡੀਗੜ੍ਹ: ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪਛੜੇ ਵਰਗ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵਾਂ ਹੋਸਟਲਾਂ ਲਈ 1.12 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਮਨਜ਼ੂਰ ਹੋ ਗਈ ਹੈ ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ ਅਤੇ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਮੁੰਡਿਆਂ ਅਤੇ ਕੁੜੀਆਂ ਲਈ 100-100 ਸੀਟਾਂ ਹੋਣਗੀਆਂ ਅਤੇ ਇਨ੍ਹਾਂ ਦਾ ਨਿਰਮਾਣ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਹ ਸਕੀਮ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਦਾ ਹਿੱਸਾ ਹੈ। ਇਹ ਪਹਿਲਕਦਮੀ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਢੁਕਵੀਂ ਰਿਹਾਇਸ਼ ਪ੍ਰਦਾਨ ਕਰਕੇ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦ੍ਰਿਤ ਵਿਕਾਸ, ਸਵੈ-ਨਿਰਭਰਤਾ ਅਤੇ ਸਮਰੱਥਾ ਨਿਰਮਾਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੇ ਵਰਗ ਦੇ ਬਹੁਤ ਸਾਰੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਾਰਨ ਸਰਕਾਰ ਨਵੇਂ ਹੋਸਟਲ ਪ੍ਰੋਜੈਕਟ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਭਰ ਦੇ ਵਿਦਿਆਰਥੀਆਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਹੋਰ ਉੱਚ ਵਿਦਿਅਕ ਸੰਸਥਾਵਾਂ ਵਿੱਚ ਨਵੇਂ ਹੋਸਟਲਾਂ ਦੀ ਉਸਾਰੀ ਲਈ ਪ੍ਰਸਤਾਵਾਂ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਇੱਕ ਵੱਡਾ ਕਦਮ ਹੈ, ਸਗੋਂ ਪਛੜੇ ਵਰਗਾਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ 'ਤੇ ਸਸ਼ਕਤ ਬਣਾਉਣ ਅਤੇ ਸੂਬੇ ਦੇ ਵਿਕਾਸ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਵੱਲ ਵੀ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਪਹਿਲਕਦਮੀਆਂ ਭਵਿੱਖ ਵਿੱਚ ਹੋਰ ਵਿਦਿਆਰਥੀ-ਅਨੁਕੂਲ ਯੋਜਨਾਵਾਂ ਲਈ ਰਾਹ ਪੱਧਰਾ ਕਰਨਗੀਆਂ।



