ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵਰਚੁਅਲ ਸਮਾਗਮਾਂ ਜ਼ਰੀਏ ਮਨਾਏਗੀ ਪੰਜਾਬ ਸਰਕਾਰ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ)- ਕੋਵਿਡ ਕੇਸਾਂ ਵਿੱਚ ਨਿਰੰਤਰ ਵਾਧੇ ਕਾਰਨ ਪੈਦਾ ਹੋਈ ਅਣਕਿਆਸੀ ਸਥਿਤੀ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ 28 ਅਪਰੈਲ ਤੋਂ ਸ਼ੁਰੂ ਹੋ ਰਹੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸਕ 400ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵਰਚੁਅਲ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਵਿਵਸਥਾ ਟੈਲੀਵੀਜ਼ਨ ਅਤੇ ਸੋਸ਼ਲ ਮੀਡੀਆ ਚੈਨਲਾਂ ਉਤੇ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ 'ਸਰਬੱਤ ਦੇ ਭਲੇ' ਲਈ ਅਰਦਾਸ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਗੱਲ ਕਰਨਗੇ ਕਿ ਸੰਕਟ ਦੀ ਸਥਿਤੀ ਨੂੰ ਦੇਖਦਿਆਂ ਸਾਰੇ ਸਮਾਗਮ ਵਰਚੁਅਲ ਤਰੀਕੇ ਵਿੱਚ ਬਦਲ ਦਿੱਤੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਜੀ ਦੀ ਹਿੰਦੂਆਂ ਲਈ ਕੀਤੀ ਗਈ ਮਹਾਨ ਕੁਰਬਾਨੀ ਦੀ ਯਾਦ ਵਿੱਚ ਉਨ੍ਹਾਂ ਸਮੇਤ ਪੂਰੇ ਪੰਜਾਬ ਵਿੱਚ ਵੱਡਾ ਸਮਾਗਮ ਕਰਵਾਉਣ ਦੀ ਤਾਂਘ ਸੀ ਪਰ ਸਥਿਤੀ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੰਦੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੈਲੀਵੀਜ਼ਨ ਉਪਰ ਸਮਾਗਮ ਦੇਖਣ ਅਤੇ ਪਹਿਲੀ ਮਈ ਨੂੰ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰਾਂ ਤੋਂ ਹੀ 'ਸਰਬੱਤ ਦੇ ਭਲੇ' ਲਈ ਅਰਦਾਸ ਕਰਨ। ਇਤਿਹਾਸਕ ਜਸ਼ਨਾਂ ਨੂੰ ਦੇਖਣ ਲਈ ਬਣਾਈ ਗਈ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਸਾਰੇ ਸਮਾਗਮ ਤੈਅ ਸ਼ੁਦਾ ਪ੍ਰੋਗਰਾਮ ਅਨੁਸਾਰ ਹੀ ਹੋਣਗੇ ਪਰ ਵਰਚੁਅਲ ਤਰੀਕੇ ਰਾਹੀਂ ਕਰਵਾਏ ਜਾਣਗੇ ਅਤੇ ਲੋਕ ਵਿਅਕਤੀਗਤ ਤੌਰ 'ਤੇ ਇਕੱਠੇ ਨਹੀਂ ਹੋਣਗੇ।