ਪੰਜਾਬ: ਪਸ਼ੂਆਂ ਦੀ ਸਿਹਤ ਸੰਭਾਲ ਨੂੰ ਲੈ ਕੇ ਸਰਕਾਰ ਨੇ ਚੁੱਕਿਆ ਵੱਡਾ ਕਦਮ

by nripost

ਚੰਡੀਗੜ੍ਹ (ਰਾਘਵ): ਸੂਬੇ ’ਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ’ਚ ਇਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ’ਚ ਸੱਪ ਦੇ ਡੰਗਣ ’ਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ’ਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲੱਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਮਕਸਦ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀਆਂ ਐਂਟੀ-ਵੈਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ’ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਤ ਕਰਨ। ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿਚ ਐੱਸ. ਓ. ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਵੀ ਹਾਜ਼ਰ ਸਨ।