ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ 'ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।
ਸ.ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਡੀ.ਐਸ.ਆਰ. ਵਿਧੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਮੌਜੂਦਾ ਵਰ੍ਹੇ (2023-24) ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਹੁਣ ਇਹ ਰਕਮ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੜਤਾਲ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 19.83 ਕਰੋੜ ਰੁਪਏ ਦੀ ਸਫ਼ਲਤਾਪੂਰਵਕ ਅਦਾਇਗੀ ਕਰ ਦਿੱਤੀ ਗਈ ਹੈ। ਇਸ ਤਰ੍ਹਾਂ ਕਿਸਾਨਾਂ ਨੂੰ 98.8 ਫ਼ੀਸਦੀ ਰਕਮ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਕਮ ਵੀ ਜਲਦੀ ਟਰਾਂਸਫਰ ਕਰ ਦਿੱਤੀ ਜਾਵੇਗੀ।