
ਲੁਧਿਆਣਾ (ਰਾਘਵ): ਪੰਜਾਬ ਵਿੱਚ ਸ਼ਰਾਬੀਆਂ ਲਈ ਬੁਰੀ ਖਬਰ ਆ ਰਹੀ ਹੈ। ਦਰਅਸਲ, ਜ਼ਿਲ੍ਹਾ ਲੁਧਿਆਣਾ ਵਿੱਚ 4 ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ, ਕਿਉਂਕਿ ਲੁਧਿਆਣਾ ਪੱਛਮੀ ਵਿਧਾਨ ਸਭਾ ਦੀਆਂ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਨੇ 17 ਜੂਨ ਨੂੰ ਸ਼ਾਮ 7 ਵਜੇ ਤੋਂ 19 ਜੂਨ ਨੂੰ ਸ਼ਾਮ 6 ਵਜੇ ਤੱਕ ਅਤੇ 23 ਜੂਨ ਨੂੰ ਵੋਟਾਂ ਦੀ ਗਿਣਤੀ ਤੱਕ ਡਰਾਈ ਡੇ ਐਲਾਨ ਦਿੱਤਾ ਹੈ।
ਵਿਭਾਗ ਦੇ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਹੁਕਮ ਵਿਧਾਨ ਸਭਾ ਦੇ ਆਲੇ-ਦੁਆਲੇ 3 ਕਿਲੋਮੀਟਰ ਦੇ ਦਾਇਰੇ ਵਿੱਚ ਲਾਗੂ ਹੋਣਗੇ। ਕਮਿਸ਼ਨਰ ਜਤਿੰਦਰ ਜੋਰਵਾਲ ਨੇ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ-ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ ਨਾਲ ਲੱਗਦੇ 3 ਕਿਲੋਮੀਟਰ ਖੇਤਰ ਵਿੱਚ ਡਰਾਈ ਡੇਅ ਐਲਾਨਿਆ ਗਿਆ ਹੈ। ਇਸ ਨਿਰਧਾਰਿਤ ਸਮੇਂ ਦੌਰਾਨ ਨਿਰਧਾਰਿਤ ਖੇਤਰਾਂ ਵਿੱਚ ਸ਼ਰਾਬ ਦੀ ਵਿਕਰੀ, ਵੰਡ ਅਤੇ ਸੇਵਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਲਈ ਸਾਰੇ ਸਬੰਧਤ ਅਧਿਕਾਰੀਆਂ ਅਤੇ ਸੰਸਥਾਵਾਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਲੁਧਿਆਣਾ ਪੱਛਮੀ ਉਪ ਚੋਣ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।