ਮੋਹਾਲੀ (ਰਾਘਵ): ਮੋਹਾਲੀ ਪੁਲਿਸ ਵੱਲੋਂ 7.56 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਟੌਰ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਗਦੀਪ ਸਿੰਘ ਵਾਸੀ ਪਾਵਲਾ, ਬਡਾਲੀ ਆਲਾ ਸਿੰਘ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਮੁਹਾਲੀ ਏਰੀਏ ਵਿਚ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਸੈਕਟਰ-70 ਮੁਹਾਲੀ ਵਿਖੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਦੇਣ ਲਈ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਖ਼ਬਰ ਦੀ ਸੂਚਨਾ ਦੇ ਆਧਾਰ ’ਤੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਪੁਲਿਸ ਪਾਰਟੀ ਦੇ ਨਾਲ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕਰਕੇ ਜਗਦੀਪ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ, ਜਿਸਤੋਂ 7.56 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਪੁਲਿਸ ਨੇ ਜਗਦੀਪ ਸਿੰਘ ਦੇ ਖ਼ਿਲਾਫ਼ ਐੱਨਡੀਪੀਐੱਸ ਐਕਟ ਦੀ ਧਾਰਾ 21-61-85 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।


