ਪੰਜਾਬ : ਨਗਰ ਨਿਗਮਾਂ ਅਤੇ ਨਗਰ ਕੌਂਸਲਾਂ/ਪੰਚਾਇਤਾਂ ਚੋਣਾਂ ‘ਚ, 74.78 ਫੀਸਦੀ ਵੋਟਿੰਗ ਹੋਈ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ)- ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਐਤਵਾਰ 74.78 ਫੀਸਦੀ ਵੋਟਿੰਗ ਹੋਈ ਅਤੇ 9222 ਉਮੀਦਵਾਰਾਂ ਦੀ ਕਿਸਮਤ ਈਵੀਐੱਮ ਮਸ਼ੀਨਾਂ ਵਿੱਚ ਬੰਦ ਹੋ ਗਈ ਹੈ।

ਕਈ ਥਾਵਾਂ ਤੋਂ ਹਿੰਸਾ ਹੋਣ ਦੀਆਂ ਖ਼ਬਰਾਂ ਵੀ ਹਨ। ਸਵੇਰੇ 8 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 4 ਵਜੇ ਤੱਕ ਚੱਲੀ। ਵੋਟਿੰਗ ਸ਼ੁਰੂ ਹੁੰਦਿਆਂ ਹੀ ਵੋਟਰਾਂ ਵਿੱਚ ਭਾਰੀ ਉਤਸ਼ਾਹ ਵਿਖਾਈ ਦੇ ਰਿਹਾ ਸੀ। ਪੋਲਿੰਗ ਸਟੇਸ਼ਨ ਦੇ ਬਾਹਰ ਵੋਟਾਂ ਪਾਉਣ ਵਾਲੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ। ਸੂਬੇ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਦੇ ਬਾਵਜੂਦ ਲੋਕ ਵੋਟ ਪਾਉਣ ਲਈ ਪਹੁੰਚੇ। ਇਨ੍ਹਾਂ ਚੋਣਾਂ ਲਈ ਪੁਲੀਸ ਦੇ ਵੱਡੀ ਗਿਣਤੀ ਵਿੱਚ ਜਵਾਨ ਤਾਇਨਾਤ ਕੀਤੇ ਗਏ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਸਵੇਰੇ 8 ਵਜੇ ਕੀਤੀ ਜਾਵੇਗੀ।

ਪਟਿਆਲਾ ਜ਼ਿਲ੍ਹੇ ਦੇ ਸਮਾਣਾ ਤੇ ਪਾਤੜਾਂ ਦੇ 3 ਪੋਲਿੰਗ ਬੂਥਾਂ ’ਤੇ ਮੁੜ ਵੋਟਿੰਗ ਹੋਣ ਦੀ ਸੰਭਾਵਨਾ ਹੈ। ਵੇਰਵਿਆਂ ਅਨੁਸਾਰ ਪਾਤੜਾਂ ਦੇ ਵਾਰਡ ਨੰਬਰ-8 ਦੇ ਬੂਥ ਨੰਬਰ 11 ’ਤੇ ਅਣਪਛਾਤੇ ਵਿਅਕਤੀਆਂ ਨੇ ਕਬਜ਼ਾ ਕਰ ਲਿਆ ਅਤੇ ਵੋਟਿੰਗ ਮਸ਼ੀਨ ਲੈ ਕੇ ਫਰਾਰ ਹੋ ਗਏ।