ਪੰਜਾਬ ਪੁਲਿਸ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਲੁੱਕਆਊਟ ਨੋਟਿਸ ਕੀਤਾ ਜਾਰੀ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਪੁਲਿਸ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਾਬਕਾ ਅਕਾਲੀ ਮੰਤਰੀ ਤੇ NDPS ਦੇ ਦੋਸ਼ੀ ਬਿਕਰਮ ਸਿੰਘ ਮਜੀਠੀਆ ਖਿਲਾਫ ਲੁੱਕਆਊਟ ਨੋਟਿਸ ਜਾਰੀ ਕਰਨ ਲਈ ਕਿਹਾ ਹੈ। ਲੁੱਕਆਊਟ ਨੋਟਿਸ ਮਜੀਠੀਆ ਨੂੰ ਵਿਦੇਸ਼ ਭੱਜਣ ਤੋਂ ਰੋਕੇਗਾ। ਏਡੀਜੀਪੀ, ਅੰਦਰੂਨੀ ਸੁਰੱਖਿਆ ਤੇ ਕਾਊਂਟਰ-ਇੰਟੈਲੀਜੈਂਸ ਨੇ ਨੋਟ 'ਚ ਕਿਹਾ ਕਿ ਇਹ ਨੋਟਿਸ ਉਦੋਂ ਤੱਕ ਲਾਗੂ ਰਹੇਗਾ ਜਦੋਂ ਤੱਕ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਅਲਰਟ ਵਾਪਸ ਨਹੀਂ ਲੈ ਲੈਂਦਾ। ਮਜੀਠੀਆ 'ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਪਾਰਟੀ 'ਤੇ "ਸਿਆਸੀ ਬਦਲਾਖੋਰੀ" ਦੇ ਦੋਸ਼ ਲੱਗੇ ਹਨ।

ਰਾਜ 'ਚ ਡਰੱਗ ਰੈਕੇਟ ਦੀ ਜਾਂਚ ਦੀ 2018 ਦੀ ਸਟੇਟਸ ਰਿਪੋਰਟ ਦੇ ਆਧਾਰ 'ਤੇ ਉਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਹ ਰਿਪੋਰਟ ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਨੇ 2018 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਮਜੀਠੀਆ (46) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਾਲੇ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਭਰਾ ਹਨ।

ਮਜੀਠੀਆ ਨੇ ਪਹਿਲਾਂ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਇਸ ਦੌਰਾਨ ਪਤਾ ਲੱਗਾ ਹੈ ਕਿ ਪੁਲਿਸ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਤਲਾਸ਼ ਕਰ ਰਹੀ ਹੈ। ਇਸ ਸਬੰਧੀ ਡਿਪਟੀ ਇੰਸਪੈਕਟਰ ਜਨਰਲ (ਅਪਰਾਧ) ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ।