ਪੰਜਾਬ ਵਾਸੀਆਂ ਨੂੰ ਮਿਲਣਗੇ ਘਰ, ਸਰਕਾਰ ਨੇ ਲਿਆ ਵੱਡਾ ਫੈਸਲਾ

by nripost

ਚੰਡੀਗੜ੍ਹ (ਰਾਘਵ): ਪੰਜਾਬ ਕੈਬਨਿਟ ਨੇ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਘਰ ਮੁਹੱਈਆ ਕਰਵਾਉਣ ਦੇ ਉਪਰਾਲੇ ਵਜੋਂ 'ਆਰਥਿਕ ਤੌਰ 'ਤੇ ਕਮਜ਼ੋਰ ਵਰਗ (ਈ.ਵੀ.ਐੱਸ.) ਲਈ ਰਾਖਵੀਂ ਜ਼ਮੀਨ ਦੀ ਢੁਕਵੀਂ ਵਰਤੋਂ" ਬਾਰੇ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਅਨੁਸਾਰ ਵੱਖ-ਵੱਖ ਕਲੋਨੀਆਂ ਵਿਚ ਖਿੰਡੀਆਂ ਪਈਆਂ ਜ਼ਮੀਨਾਂ ਤੋਂ ਮਾਲੀਆ ਪੈਦਾ ਕੀਤਾ ਜਾਵੇਗਾ ਅਤੇ ਅਜਿਹੀ ਵਿੱਕਰੀ ਤੋਂ ਪ੍ਰਾਪਤ ਫੰਡਾਂ ਦੀ ਵਰਤੋਂ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੇ ਲਾਭ ਲਈ ਕੀਤੀ ਜਾਵੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿਚ 1500 ਏਕੜ ਜ਼ਮੀਨ ਐਕੁਵਾਇਰ ਕਰਕੇ ਇਸ ਨੂੰ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ ਮਕਾਨ ਬਣਾਉਣ ਲਈ ਵਰਤਿਆ ਜਾਵੇਗਾ।

ਸੂਬੇ ਦੀਆਂ ਵਿਕਾਸ ਅਥਾਰਟੀਆਂ ਨੂੰ ਅਧਿਕਾਰਤ ਕੀਤਾ ਜਾਵੇਗਾ ਕਿ ਉਹ ਆਪਣੇ ਪੱਧਰ 'ਤੇ ਇਨ੍ਹਾਂ ਖਿੰਡੀਆਂ ਹੋਈਆਂ ਜ਼ਮੀਨਾਂ ਲਈ ਅਜਿਹੀ ਯੋਜਨਾ ਬਣਾਉਣ ਤਾਂ ਜੋ ਉਪਭੋਗਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਇਨ੍ਹਾਂ ਥਾਵਾਂ ਦੀ ਨਿਲਾਮੀ ਕਰ ਕੇ ਵਿਭਾਗ ਲਈ ਢੁਕਵਾਂ ਮਾਲੀਆ ਪੈਦਾ ਹੋ ਸਕੇ। ਵਿਕਾਸ ਅਥਾਰਟੀਆਂ ਨੂੰ ਈ.ਵੀ.ਐੱਸ. ਲਈ ਪਲਾਟ ਜਾਂ ਘਰ ਬਣਾਉਣ ਲਈ ਜ਼ਮੀਨਾਂ ਦੇ ਵੱਖਰੇ ਹਿੱਸਿਆਂ ਦੀ ਪਛਾਣ ਕਰਨ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਵੀ ਅਧਿਕਾਰਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਵੱਲੋਂ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ। ਮੰਤਰੀ ਮੰਡਲ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ ਸਰਕਾਰ ਦੀ ਤਰਫੋਂ ਪਾਪਰਾ ਐਕਟ ਅਧੀਨ ਆਪਣੇ ਪ੍ਰਾਜੈਕਟ ਵਿਕਸਤ ਕਰਨ ਵਾਲੇ ਪ੍ਰੋਮੋਟਰਾਂ ਤੋਂ ਇਕੱਠੇ ਕੀਤੇ ਈ.ਡੀ.ਸੀ. ਦੀ ਢੁਕਵੀਂ ਵਰਤੋਂ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਅਨੁਸਾਰ ਪ੍ਰੋਮੋਟਰਾਂ ਤੋਂ ਇਕੱਠੇ ਕੀਤੇ ਗਏ ਈ.ਡੀ.ਸੀ. ਦਾ 50 ਫੀਸਦੀ ਕਲੋਨੀ ਜਾਂ ਟਾਊਨਸ਼ਿਪ ਦੇ ਘੇਰੇ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਰਤਿਆ ਜਾਵੇਗਾ, ਜਦੋਂ ਕਿ ਬਾਕੀ 50 ਫੀਸਦੀ ਸਰਕਾਰ ਦੁਆਰਾ ਸੂਬੇ ਵਿੱਚ ਵੱਡੇ ਪ੍ਰਾਜੈਕਟਾਂ ਦੇ ਵਿਕਾਸ ਲਈ ਵਰਤਿਆ ਜਾਵੇਗਾ। ਇਹ ਨੀਤੀ ਸੂਬੇ ਦੇ ਵਿਕਾਸ ਨੂੰ ਵੱਡੇ ਪੱਧਰ `ਤੇ ਹੋਰ ਹੁਲਾਰਾ ਦੇਵੇਗੀ।

More News

NRI Post
..
NRI Post
..
NRI Post
..