
ਲੁਧਿਆਣਾ (ਰਾਘਵ): ਤੇਜ਼ ਰਫ਼ਤਾਰ ਸਵਿਫਟ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਮੋਦੀ ਨਗਰ ਦੀ ਪੁਲਿਸ ਨੇ ਟਿੱਬਾ ਰੋਡ ਦੇ ਰਹਿਣ ਵਾਲੇ ਨਰਿੰਦਰ ਦੀ ਸ਼ਿਕਾਇਤ 'ਤੇ ਹੁਸ਼ਿਆਰਪੁਰ ਦੇ ਵਾਸੀ ਅਜੇ ਕੁਮਾਰ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਨਰਿੰਦਰ ਨੇ ਦੱਸਿਆ ਕਿ ਉਸ ਦਾ ਸਾਲਾ ਰਾਮ ਅਵਤਾਰ ਇੱਕ ਫੈਕਟਰੀ ਵਿੱਚ ਨੌਕਰੀ ਕਰਦਾ ਹੈ। ਬੀਤੀ ਰਾਤ ਉਹ ਕੰਮ ਤੋਂ ਛੁੱਟੀ ਕਰਕੇ ਘਰ ਪਰਤ ਰਿਹਾ ਸੀ। ਰਾਮ ਅਵਤਾਰ ਜਿਵੇਂ ਟਰਾਂਸਪੋਰਟ ਨਗਰ ਦੇ ਕੋਲ ਮੇਨ ਰੋਡ ਪਾਰ ਕਰਨ ਲੱਗਾ ਤਾਂ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਹਾਦਸਾ ਇਸ ਕਦਰ ਭਿਆਨਕ ਸੀ ਕਿ ਰਾਮ ਅਵਤਾਰ ਲਹੂ ਲੁਹਾਨ ਹੋ ਕੇ ਬੇਸੁੱਧ ਹੋ ਗਿਆ। ਜ਼ਖਮੀ ਹਾਲਤ ਵਿੱਚ ਉਸਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਉਧਰ ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਅਨਿਲ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਹੁਸ਼ਿਆਰਪੁਰ ਦੇ ਪਿੰਡ ਸ਼ੇਰਗੜ੍ਹ ਦੇ ਰਹਿਣ ਵਾਲੇ ਅਜੇ ਕੁਮਾਰ ਖਿਲਾਫ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।