
ਤਰਨਤਾਰਨ (ਰਾਘਵ): ਮਾਮੂਲੀ ਰੰਜਿਸ਼ ਕਾਰਨ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਦੀ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਪੱਟੀ ਲਵਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਲਵਪ੍ਰੀਤ ਸਿੰਘ (20) ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਦਾ ਪਿੰਡ ਦੇ ਹੀ 4 ਨੌਜਵਾਨਾਂ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਕਾਰਨ ਜਰਨੈਲ ਸਿੰਘ ਪੁੱਤਰ ਕਸ਼ਮੀਰ ਸਿੰਘ, ਕਰਨਵੀਰ ਸਿੰਘ, ਕਾਲੂ ਸਿੰਘ ਅਤੇ ਆਕਾਸ਼ਦੀਪ ਸਿੰਘ ਪੁੱਤਰਾਨ ਅਨੋਖ ਸਿੰਘ ਅਤੇ ਕੁਝ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲਵਪ੍ਰੀਤ ਸਿੰਘ ਨੂੰ ਜ਼ਖਮੀ ਕਰ ਦਿੱਤਾ ਗਿਆ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਡੀ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਰਹਾਲੀ ਵਿਖੇ ਪਰਚਾ ਦਰਜ ਕਰਦੇ ਹੋਏ ਕਰਨਬੀਰ ਸਿੰਘ, ਕਾਲੂ ਸਿੰਘ ਅਤੇ ਆਕਾਸ਼ਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਜਰਨੈਲ ਸਿੰਘ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ।