ਨਵੇਂ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਸਬੰਧੀ ਨਿਤਿਨ ਗਡਕਰੀ ਨੂੰ ਮਿਲਣ ਪਹੁੰਚੇ ਲੋਕ ਨਿਰਮਾਣ ਮੰਤਰੀ ਪੰਜਾਬ

by jaskamal

ਨਿਊਜ਼ ਡੈਸਕ : ਪੰਜਾਬ ਸਰਕਾਰ ਨੇ ਕੇਂਦਰ ਨੂੰ ਨਵੇਂ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਰਾਜ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ। ਹਰਭਜਨ ਸਿੰਘ ਨੇ ਭਾਰਤ 'ਚ ਸੜਕੀ ਬੁਨਿਆਦੀ ਢਾਂਚੇ 'ਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਇਕ ਰੋਡਮੈਪ ਪੇਸ਼ ਕੀਤਾ। ਪੰਜਾਬ ਦੇ ਕੈਬਨਿਟ ਮੰਤਰੀ ਨੇ ਬੰਗਾ-ਗੜ੍ਹਸ਼ੰਕਰ-ਆਨੰਦਪੁਰ ਸਾਹਿਬ-ਨੈਣਾ ਦੇਵੀ ਸੜਕ, ਨਵਾਂਸ਼ਹਿਰ-ਰਾਹੋਂ-ਮਾਛੀਵਾੜਾ-ਸਮਰਾਲਾ ਰੋਡ ਤੇ ਗੁਰਦਾਸਪੁਰ-ਮੁਕੇਰੀਆਂ-ਤਲਵਾੜਾ ਰੋਡ ਸਮੇਤ 9 ਪ੍ਰਮੁੱਖ ਸੜਕਾਂ ਨੂੰ ਰਾਸ਼ਟਰੀ ਰਾਜਮਾਰਗ ਐਲਾਨਣ ਦੀ ਅਪੀਲ ਕੀਤੀ।

ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਧਿਆਨ 'ਚ ਰੱਖਦਿਆਂ ਤੇ ਕਿਸਾਨਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਲਈ ਕੇਂਦਰੀ ਮੰਤਰੀ ਨੂੰ ਪੰਜਾਬ 'ਚ ਨਵੇਂ ਪ੍ਰਸਤਾਵਿਤ ਐਕਸਪ੍ਰੈਸ ਵੇਅ ਦੇ ਨਾਲ-ਨਾਲ ਸਰਵਿਸ ਰੋਡ ਬਣਾਉਣ ਦੀ ਵੀ ਅਪੀਲ ਕੀਤੀ। ਇਸ ਮੀਟਿੰਗ ਲਈ ਹਰਭਜਨ ਸਿੰਘ ਦੇ ਨਾਲ ਆਏ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਨੇ ਕੇਂਦਰੀ ਸੜਕ ਤੇ ਬੁਨਿਆਦੀ ਢਾਂਚਾ ਫੰਡ ਦੀ ਸਾਲਾਨਾ ਆਮਦਨ ਵਧਾ ਕੇ 300 ਕਰੋੜ ਰੁਪਏ ਕਰਨ ਦੀ ਵੀ ਬੇਨਤੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ 2022-23 ਲਈ 3300 ਕਰੋੜ ਰੁਪਏ ਦੇ ਪ੍ਰੋਜੈਕਟਾਂ ਵਾਲੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੂੰ ਮਨਜ਼ੂਰੀ ਲਈ ਆਪਣੀ ਸਲਾਨਾ ਕਾਰਜ ਯੋਜਨਾ ਪੇਸ਼ ਕਰਨ ਜਾ ਰਹੀ ਹੈ।