ਦੇਸ਼ ਦੀ ਰਾਜਧਾਨੀ ‘ਚ ਅੰਦੋਲਨ ਕਰਨ ਜਾ ਰਹੇ ਕਿਸਾਨਾਂ ਨੂੰ ਰਾਹ ਤਸ਼ੱਦਦ ਕਰਕੇ ਰੋਕਣ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ
ਜਲੰਧਰ/ਚੰਡੀਗੜ੍ਹ,/ਪਟਿਆਲਾ 13 ਫਰਵਰੀ : ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁੱਕਰਨ ਤੋਂ ਬਾਅਦ ਕੇਂਦਰ ਸਰਕਾਰ ਖਿਲਾਫ ਦੇਸ਼ ਦੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰਸਤੇ ਵਿੱਚ ਕੰਕਰੀਟ ਦੀਆਂ ਕੰਧਾਂ ਬਣਾ ਕੇ ਅਤੇ ਅਥਰੂ ਗੈਸ ਤੇ ਹੋਰ ਤਰੀਕਿਆਂ ਨਾਲ ਤਸ਼ੱਦਦ ਕਰਕੇ ਰੋਕੇ ਜਾਣ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ| ਜਥੇਬੰਦੀ ਦੇ ਸੂਬਾ ਪ੍ਰਧਾਨ ਡਾਕਟਰ ਦਰਸ਼ਨ ਪਾਲ ਨੇ ਕਿਹਾ ਕਿ ਪ੍ਰਸ਼ਾਸਨ ਦਿੱਲੀ ਅਤੇ ਹਰਿਆਣਾ ਦੇ ਆਸ-ਪਾਸ ਧਾਰਾ 144 ਲਾਗੂ ਕਰ ਰਿਹਾ ਹੈ ਅਤੇ ਲੋਕਾਂ ਨੂੰ ਬਿਨਾਂ ਕਿਸੇ ਅਗਾਊਂ ਸਲਾਹ ਦੇ ਆਵਾਜਾਈ ਨੂੰ ਇੱਕ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਭਾਜਪਾ ਸਰਕਾਰਾਂ ਲੋਕਾਂ ਅਤੇ ਪ੍ਰਦਰਸ਼ਨਕਾਰੀਆਂ ਨਾਲ ਦੇਸ਼ ਦੇ ਦੁਸ਼ਮਣਾਂ ਵਾਂਗ ਪੇਸ਼ ਆ ਰਹੀ ਹੈ।
ਕਿਸਾਨ ਆਗੂਆਂ ਨੇ ਭਾਜਪਾ ਦੀ ਮੱਧ ਪ੍ਰਦੇਸ਼ ਸਰਕਾਰ ਵਲੋਂ ਭਾਰਤ ਬੰਦ ਦੀਆਂ ਤਿਆਰੀਆਂ ਵਿੱਚ ਜੁਟੇ ਕਿਸਾਨ ਸਭਾ ਦੇ ਆਗੂ ਰਾਮ ਨਰਾਇਣ ਕੁਰਰੀਆ, ਉਨ੍ਹਾਂ ਦੀ ਪਤਨੀ ਅਤੇ ਏਆਈਡੀਡਬਲਿਊਏ ਦੇ ਆਗੂ ਐਡਵੋਕੇਟ ਅੰਜਨਾ ਕਰੁਰੀਆ ,ਕਿਸਾਨ ਸੰਘਰਸ਼ ਸਮਿਤੀ ਦੇ ਆਗੂ ਐਡ. ਅਰਾਧਨਾ ਭਾਰਗਵ, ਬੀਕੇਯੂ (ਟਿਕੈਤ) ਦੇ ਆਗੂ ਅਨਿਲ ਯਾਦਵ, ਐਨਏਪੀਐਮ ਆਗੂ ਰਾਜਕੁਮਾਰ ਸਿਨਹਾ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ ਕਈ ਕਾਰਕੁੰਨਾਂ ਨੂੰ ਗ੍ਰਿਫਤਾਰ ਕਰਨ ਦੀ ਨਿਖੇਧੀ ਵੀ ਕੀਤੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਲੋਕਾਂ ਦੀਆਂ ਰੋਜ਼ੀ-ਰੋਟੀ ਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਉਭਰ ਰਹੇ ਸੰਘਰਸ਼ਾਂ ਦੇ ਚੱਲਦਿਆਂ ਲੋਕਾਂ ਦੇ ਵਿਰੋਧ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਸਫਲ ਹੋ ਜਾਣਗੀਆਂ। ਜੱਥੇਬੰਦੀ ਭਾਜਪਾ ਸਰਕਾਰਾਂ ਨੂੰ ਯਾਦ ਦਿਵਾਉਣਾ ਚਾਹੁੰਦੀ ਹੈ ਕਿ ਹੈ ਕਿ ਭਾਰਤ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਵਿਰੋਧ ਕਰਨ ਦਾ ਜਮਹੂਰੀ ਅਧਿਕਾਰ ਦਿੰਦਾ ਹੈ। ਜਿਸਨੂੰ ਭਾਜਪਾ ਆਪਣੇ ਫਾਸ਼ੀਵਾਦੀ ਤਾਨਾਸ਼ਾਹ ਤਰੀਕਿਆਂ ਨਾਲ ਕੁਚਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਜਬਰ ਦਾ ਲੋਕ ਮੂੰਹ ਤੋੜ ਜਵਾਬ ਦੇਣਗੇ। ਕਿਸਾਨ ਅਤੇ ਮਜ਼ਦੂਰ ਹਰ ਵਰਗ ਦੇ ਲੋਕਾਂ ਦੇ ਸਹਿਯੋਗ ਨਾਲ 16 ਫਰਵਰੀ 2024 ਨੂੰ ਭਾਰਤ ਬੰਦ ਸਫਲ ਬਣਾਉਣਗੇ।