ਜੋਹਾਨਸਬਰਗ (ਰਾਘਵ) : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਜੋਹਾਨਸਬਰਗ 'ਚ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਮੁਲਾਕਾਤ ਕੀਤੀ। ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੇ ਮੌਕੇ 'ਤੇ ਹੋਈ ਇਸ ਬੈਠਕ 'ਚ ਆਪਸੀ ਸਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਕੈਲਾਸ਼ ਮਾਨਸਰੋਵਰ ਯਾਤਰਾ ਅਤੇ ਦੋਹਾਂ ਦੇਸ਼ਾਂ ਵਿਚਾਲੇ ਸਿੱਧੀਆਂ ਉਡਾਣਾਂ ਨੂੰ ਬਹਾਲ ਕਰਨ 'ਤੇ ਜ਼ੋਰ ਦਿੱਤਾ ਗਿਆ। ਇਸ ਬੈਠਕ ਦੇ ਬਾਰੇ 'ਚ ਵਿਦੇਸ਼ ਮੰਤਰੀ ਜੈਸ਼ੰਕਰ ਨੇ ਐਕਸ 'ਤੇ ਆਪਣੀ ਪੋਸਟ 'ਚ ਕਿਹਾ ਕਿ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ਨੇ ਜੋਹਾਨਸਬਰਗ 'ਚ ਸੀਪੀਸੀ ਪੋਲਿਟ ਬਿਊਰੋ ਦੇ ਮੈਂਬਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੂੰ ਮਿਲਣ ਦਾ ਮੌਕਾ ਦਿੱਤਾ। ਜੈਸ਼ੰਕਰ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਹ ਬੈਠਕ ਦੁਵੱਲੇ ਮੁੱਦਿਆਂ ਅਤੇ ਖੇਤਰੀ ਚੁਣੌਤੀਆਂ ਨੂੰ ਸੁਲਝਾਉਣ ਲਈ ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਕੂਟਨੀਤਕ ਯਤਨਾਂ ਦਰਮਿਆਨ ਹੋ ਰਹੀ ਹੈ। ਜੈਸ਼ੰਕਰ ਨੇ ਵੀਰਵਾਰ ਨੂੰ 'ਗਲੋਬਲ ਭੂ-ਰਾਜਨੀਤਿਕ ਸਥਿਤੀ 'ਤੇ ਚਰਚਾ' ਸਿਰਲੇਖ ਵਾਲੇ ਜੀ-20 ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜੀ-20 ਵਿਸ਼ਵ ਦੀ ਵਧਦੀ ਬਹੁਧਰੁਵੀਤਾ ਲਈ ਇਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ, 'ਆਲਮੀ ਭੂ-ਰਾਜਨੀਤਿਕ ਸਥਿਤੀ ਮੁਸ਼ਕਲ ਬਣੀ ਹੋਈ ਹੈ। ਇਸ ਵਿੱਚ ਕੋਵਿਡ ਮਹਾਂਮਾਰੀ, ਸੰਘਰਸ਼ ਦੀਆਂ ਸਥਿਤੀਆਂ, ਵਿੱਤੀ ਦਬਾਅ, ਭੋਜਨ ਸੁਰੱਖਿਆ ਆਦਿ ਸ਼ਾਮਲ ਹਨ।
ਅੰਤਰਰਾਸ਼ਟਰੀ ਆਰਥਿਕ ਸਹਿਯੋਗ ਲਈ ਪ੍ਰਮੁੱਖ ਫੋਰਮ ਹੋਣ ਦੇ ਨਾਤੇ, G-20 ਵਿਸ਼ਵ ਅਰਥਵਿਵਸਥਾ ਨੂੰ ਦਰਪੇਸ਼ ਮਹੱਤਵਪੂਰਨ ਚੁਣੌਤੀਆਂ ਨੂੰ ਹੱਲ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਜੀ-20 ਵਿੱਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਬ੍ਰਿਟੇਨ, ਅਮਰੀਕਾ, ਅਫਰੀਕੀ ਸੰਘ ਅਤੇ ਯੂਰਪੀ ਸੰਘ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਜੈਸ਼ੰਕਰ ਨੇ ਸਿੰਗਾਪੁਰ, ਬ੍ਰਾਜ਼ੀਲ ਅਤੇ ਇਥੋਪੀਆ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਤਿੰਨਾਂ ਨੇਤਾਵਾਂ ਨਾਲ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਤਰੀਕਿਆਂ ਤੋਂ ਇਲਾਵਾ ਗਲੋਬਲ ਘਟਨਾਕ੍ਰਮ 'ਤੇ ਚਰਚਾ ਕੀਤੀ। ਜੈਸ਼ੰਕਰ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣ ਲਈ ਦੱਖਣੀ ਅਫਰੀਕਾ ਦੇ ਦੋ ਦਿਨਾਂ ਦੌਰੇ 'ਤੇ ਜੋਹਾਨਸਬਰਗ 'ਚ ਹਨ। ਮੀਟਿੰਗ ਦੌਰਾਨ ਉਨ੍ਹਾਂ ਨੇ ਸਿੰਗਾਪੁਰ ਦੇ ਵਿਦੇਸ਼ ਮੰਤਰੀ ਵਿਵਿਅਨ ਬਾਲਾਕ੍ਰਿਸ਼ਨਨ ਅਤੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵਿਏਰਾ ਨਾਲ ਮੁਲਾਕਾਤ ਕੀਤੀ।



