ਲਖੀਮਪੁਰ ਹਿੰਸਾ ਮਾਮਲੇ ’ਚ SC ਨੇ UP ਸਰਕਾਰ ਤੋਂ ਮੰਗਿਆ ਜਵਾਬ, 4 ਅਪ੍ਰੈਲ ਦਾ ਦਿੱਤਾ ਸਮਾਂ

by jaskamal

ਨਿਊਜ਼ ਡੈਸਕ : ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਵੱਲੋਂ ਕੀਤੀ ਜਾ ਰਹੀ ਜਾਂਚ ਦੀ ਨਿਗਰਾਨੀ ਕਰ ਰਹੇ ਇਕ ਸੇਵਾ ਮੁਕਤ ਜੱਜ ਦੀਆਂ ਦੋ ਰਿਪੋਰਟਾਂ ’ਤੇ 4 ਅਪ੍ਰੈਲ ਤਕ ਜਵਾਬ ਉੱਤਰ ਪ੍ਰਦੇਸ਼ ਸਰਕਾਰ ਨੂੰ ਨਿਰਦੇਸ਼ ਦਿੱਤਾ ਗਿਆ ਹੈ। ਰਿਪੋਰਟ ’ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਤੇ ਮਾਮਲੇ ’ਚ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਚੀਫ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਈਆਕਾਂਤ ਤੇ ਜਸਟਿਸ ਹਿਮਾ ਕੋਹਲੀ ਦੀ ਇਕ ਬੈਂਚ ਨੇ ਕਿਹਾ ਕਿ ਜਾਂਚ ਦੀ ਨਿਗਰਾਨੀ ਕਰ ਰਹੇ ਸੇਵਾ ਮੁਕਤ ਜੱਜ ਨੇ ਇਲਾਹਾਬਾਦ ਹਾਈ ਕੋਰਟ ਵਲੋਂ ਮਾਮਲੇ ’ਚ ਅਜੇ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਨੂੰ ਚਿੱਠੀ ਲਿਖੀ ਹੈ।

ਬੈਂਚ ਨੇ ਕਿਹਾ, ‘‘ਐੱਸਆਈਟੀ ਨੇ ਉੱਤਰ ਪ੍ਰਦੇਸ਼ ਸਰਕਾਰ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਜਾਂਚ ਦੀ ਨਿਗਰਾਨੀ ਕਰ ਰਹੇ ਜੱਜ ਦੇ ਦੋ ਪੱਤਰ ਭੇਜੇ ਹਨ, ਜਿਨ੍ਹਾਂ ਨੇ ਮੁੱਖ ਦੋਸ਼ੀ ਆਸ਼ੀਸ਼ ਦੀ ਜ਼ਮਾਨਤ ਰੱਦ ਕਰਨ ਲਈ ਸੂਬਾ ਸਰਕਾਰ ਨੂੰ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ ਲਈ ਵੀ ਇਕ ਚਿੱਠੀ ਲਿਖੀ ਹੈ। ਓਧਰ ਸੂਬਾ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਅਦਾਲਤ ਨੂੰ ਦੱਸਿਆ ਕਿ ਵਧੀਕ ਗ੍ਰਹਿ ਸਕੱਤਰ ਨੇ ਸਾਨੂੰ ਦੱਸਿਆ ਕਿ ਉਨ੍ਹਾਂ ਨੂੰ ਚਿੱਠੀ ਅਜੇ ਮਿਲੀ ਨਹੀਂ ਹੈ। ਬੈਂਚ ਨੇ ਉਨ੍ਹਾਂ ਨੂੰ ਐੱਸਆਈਟੀ ਦੀ ਰਿਪੋਰਟ ’ਤੇ ਗੌਰ ਕਰਨ ਤੇ 4 ਅਪ੍ਰੈਲ ਤਕ ਆਪਣਾ ਰੁਖ਼ ਸਪੱਸ਼ਟ ਕਰਨ ਦਾ ਨਿਰਦੇਸ਼ ਦਿੱਤਾ।