ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਕਈ ਅਹਿਮ ਫ਼ੈਸਲਿਆਂ ‘ਤੇ ਲੱਗੀ ਮੋਹਰ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦਿਆਂ ਇਸ ਦੀ ਸਿਫਾਰਿਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰ ਦਿੱਤੀ। ਇਹ ਫ਼ੈਸਲਾ ਇਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਤਰੀ ਮੰਡਲ ਨੇ 24 ਜੂਨ ਨੂੰ ਇਜਲਾਸ ਸੱਦਣ ਅਤੇ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਤੋਂ ਬਾਅਦ ਉਸੇ ਦਿਨ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਦਾ ਪ੍ਰਸਤਾਵ ਪੇਸ਼ ਕਰਨ ਤੇ ਇਸ 'ਤੇ ਬਹਿਸ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ।

ਵਿੱਤ ਮੰਤਰੀ 27 ਜੂਨ ਨੂੰ ਸੋਮਵਾਰ ਵਾਲੇ ਦਿਨ ਸਾਲ 2022-23 ਦਾ ਬਜਟ ਪੇਸ਼ ਕਰਨਗੇ ਤੇ ਇਸ ਤੋਂ ਬਾਅਦ ਆਮ ਬਜਟ ਉੱਤੇ ਬਹਿਸ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਸੈਸ਼ਨ ਦੌਰਾਨ ਸਾਲ 2018-19 ਤੇ 2019-20 ਲਈ ਭਾਰਤ ਦੇ ਕੰਪਟ੍ਰੋਲਰ ਅਤੇ ਆਡਿਟਰ ਜਨਰਲ ਦੀਆਂ ਲੇਖਾ ਰਿਪੋਰਟਾਂ ਤੇ ਸਾਲ 2019-20 ਅਤੇ ਸਾਲ 2020-21 ਲਈ ਵਿੱਤੀ ਤੇ ਨਮਿੱਤਣ ਲੇਖੇ ਸਦਨ ’ਚ ਪੇਸ਼ ਕੀਤੇ ਜਾਣਗੇ।