ਸ੍ਰੀ ਮੁਕਤਸਰ ਸਾਹਿਬ (ਨੇਹਾ): ਮੋਟਰਸਾਈਕਲ ਦੀ ਐਕਟਿਵਾ ਨਾਲ ਟੱਕਰ ਹੋਣ ਕਾਰਨ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਪੱਤਰਕਾਰ ਸੁਖਪਾਲ ਸਿੰਘ ਢਿੱਲੋਂ ਵਾਸੀ ਪਿੰਡ ਭਾਗਸਰ ਐਤਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਭਾਗਸਰ ਨੂੰ ਕੱਚਾ ਭਾਗਸਰ ਰੋਡ ’ਤੇ ਐਕਟਿਵਾ ’ਤੇ ਸਵਾਰ ਹੋ ਕੇ ਆਪਣੀ ਪਤਨੀ ਨਾਲ ਆਪਣੇ ਘਰ ਪਿੰਡ ਭਾਗਸਰ ਨੂੰ ਵਾਪਸ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਐਕਟਿਵਾ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਸੁਖਪਾਲ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਜਦਕਿ ਪਤਨੀ ਦਾ ਇਲਾਜ ਚਲ ਰਿਹਾ ਹੈ। ਇਸ ਦੁਖਦਾਈ ਘਟਨਾ ਨਾਲ ਇਲਾਕੇ ਭਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।



