ਸ਼੍ਰੋਮਣੀ ਕਮੇਟੀ ਅੱਜ ਪੇਸ਼ ਕਰੇਗੀ ਆਪਣਾ ਸਾਲਾਨਾ ਬਜਟ, ਮੈਂਬਰਾਂ ਨੇ ਟਰੱਸਟਾਂ ’ਤੇ ਲਗਾਏ ਦੋਸ਼ਾਂ ਨੂੰ ਕੀਤਾ ਖਾਰਜ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਸਿੱਖ ਸੰਸਥਾ ਦੇ ਪ੍ਰਸਤਾਵਿਤ ਬਜਟ (2022-23) ਬਾਰੇ ਲਾਏ ਜਾ ਰਹੇ ਦੋਸ਼ਾਂ ਨੂੰ ਅੱਜ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਗਲਤ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਅੱਜ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਤੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਪ੍ਰੀਤ ਸਿੰਘ ਰੰਧਾਵੇਵਾਲੇ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਹੋਰਾਂ ਵੱਲੋਂ ਸਿੱਖ ਸੰਸਥਾ ਦੇ ਬਜਟ, ਟਰੱਸਟਾਂ ਤੇ ਜਾਇਦਾਦਾਂ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਖਾਰਜ ਕਰਦਿਆਂ ਉਨ੍ਹਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਨਿਰਮੂਲ ਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਦੇ ਨਿਯਮਾਂ ਅਨੁਸਾਰ ਕਾਰਜ ਕਰ ਰਹੀ ਹੈ ਤੇ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿਹਤ, ਸਿੱਖਿਆ ਤੇ ਲੋਕ ਭਲਾਈ ਲਈ ਵਚਨਬੱਧ ਹੈ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਮਿੱਠੂ ਸਿੰਘ ਕਾਹਨੇਕੇ ਤੇ ਹੋਰ ਮੈਂਬਰ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰ ਰਹੇ ਹਨ ਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੇ ਅਗਾਮੀ ਬਜਟ ਦੇ ਵੇਰਵਿਆਂ ਨੂੰ ਵੀ ਗਲਤ ਢੰਗ ਨਾਲ ਜਨਤਕ ਕਰਨ ਦੀ ਕੁਤਾਹੀ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੀ ਮਨਸ਼ਾ ਨਾਲ ਇਸ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਤੇ ਤੱਥਾਂ ਨੂੰ ਤੋੜ-ਮਰੋੜ ਕੇ ਸੰਗਤ 'ਚ ਪ੍ਰਚਾਰਿਆ ਜਾ ਰਿਹਾ ਹੈ।