ਜਲੰਧਰ: 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ 112ਵਾਂ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਭਾਰਤ ਦੇ ਇਕ ਪ੍ਰਮੁੱਖ ਆਜ਼ਾਦੀ ਘੁਲਾਟੀਏ ਸਨ। ਜਦੋਂ ਸਰਦਾਰ ਭਗਤ ਸਿੰਘ ਵਰਗੇ ਪੁੱਤ ਪੈਦਾ ਹੁੰਦੇ ਹਨ ਤਾਂ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਕੌਮ ਅਤੇ ਦੇਸ਼ ਦਾ ਨਾਂ ਇਤਿਹਾਸ ਦੇ ਪੰਨਿਆਂ 'ਤੇ ਸੁਨਿਹਰੀ ਅੱਖਰਾਂ 'ਚ ਲਿੱਖ ਜਾਂਦੇ ਹਨ।
.jpg)
ਭਾਰਤ ਦੀ ਧਰਤੀ 'ਤੇ ਬਹੁਤ ਸਾਰੇ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਆਜ਼ਾਦੀ ਘੁਲਾਟੀਆਂ ਬਾਰੇ ਗੱਲ ਕਰਦਿਆਂ ਭਗਤ ਸਿੰਘ ਦਾ ਨਾਂ ਸਭ ਤੋਂ ਪਹਿਲਾਂ ਜ਼ਿਹਨ 'ਚ ਆਉਂਦਾ ਹੈ। ਭਗਤ ਸਿੰਘ 'ਭਾਰਤੀ ਰਾਸ਼ਟਰਵਾਦੀ ਅੰਦੋਲਨ' ਦੇ ਪ੍ਰਭਾਵਸ਼ਾਲੀ ਇਨਕਲਾਬੀਆਂ 'ਚੋਂ ਇਕ ਸਨ। ਭਾਰਤੀ ਆਜ਼ਾਦੀ ਲਹਿਰ ਦੇ ਸਭ ਤੋਂ ਪ੍ਰਭਾਵਸ਼ਾਲੀ ਕ੍ਰਾਂਤੀਕਾਰ ਸਰਦਾਰ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਖਟਕੜ ਕਲਾਂ, ਨਵਾਂਸ਼ਹਿਰ 'ਚ ਹੋਇਆ। ਉਹ ਛੋਟੀ ਉਮਰੇ ਹੀ ਆਜ਼ਾਦੀ ਸੰਘਰਸ਼ 'ਚ ਸ਼ਾਮਲ ਹੋ ਗਏ ਤੇ ਸਿਰਫ਼ 23 ਸਾਲ ਦੀ ਉਮਰ 'ਚ ਹੀ ਦੇਸ਼ ਲਈ ਸ਼ਹੀਦ ਹੋ ਹੋਏ। ਸ਼ਹੀਦ ਭਗਤ ਸਿੰਘ ਨੂੰ 'ਯੂਥ ਆਈਕਨ' ਤੇ 'ਨੌਜਵਾਨਾਂ ਦਾ ਇਨਕਲਾਬੀ' ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ। ਭਗਤ ਸਿੰਘ ਦੇ ਜਨਮ ਸਮੇਂ ਉਸ ਦੇ ਪਿਤਾ ਤੇ ਦੋ ਚਾਚਿਆਂ ਦੀ ਜੇਲ੍ਹ 'ਚੋਂ ਰਿਹਾਈ ਹੋਈ ਸੀ, ਜਿਸ ਕਾਰਨ ਭਗਤ ਸਿੰਘ ਦੀ ਦਾਦੀ ਉਸ ਨੂੰ 'ਭਾਗਾਂ ਵਾਲਾ' ਕਹਿ ਕੇ ਬੁਲਾਉਂਦੀ ਸੀ। ਸਰਦਾਰ ਭਗਤ ਸਿੰਘ ਨੂੰ ਆਜ਼ਾਦੀ ਦੀ ਗੁੜ੍ਹਤੀ ਪਰਿਵਾਰ 'ਚੋਂ ਹੀ ਮਿਲੀ ਸੀ।
ਆਜ਼ਾਦੀ ਨੂੰ ਸਮਰਪਿਤ
1923 'ਚ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਸਰਦਾਰ ਭਗਤ ਸਿੰਘ ਨੇ ਘਰ ਛੱਡ ਦਿੱਤਾ ਸੀ। ਘਰ ਛੱਡਣ ਤੋਂ ਬਾਅਦ ਉਹ ਕਾਨਪੁਰ ਚਲੇ ਗਏ ਸਨ। ਘਰ ਛੱਡਣ ਸਮੇਂ ਉਨ੍ਹਾਂ ਇਕ ਚਿੱਠੀ 'ਚ ਲਿਖਿਆ ਸੀ ਕਿ ਮੇਰੇ ਜੀਵਨ ਦਾ ਸਭ ਤੋਂ ਉੱਤਮ ਮਕਸਦ ਦੇਸ਼ ਦੀ ਆਜ਼ਾਦੀ ਲਈ ਸਮਰਪਿਤ ਹੋਣਾ ਹੈ। ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ। ਅਸਲ 'ਚ ਉਹ ਆਪਣਾ ਵਿਆਹ ਲਾੜੀ ਮੌਤ ਨਾਲ ਕਰਵਾਉਣਾ ਚਾਹੁੰਦੇ ਸਨ। ਕਾਨਪੁਰ 'ਚ ਸਰਦਾਰ ਭਗਤ ਸਿੰਘ ਨੇ ਆਪਣਾ ਨਾਮ ਬਲਵੰਤ ਸਿੰਘ ਰੱਖ ਕੇ ਕੁਝ ਦੇਰ ਪ੍ਰਤਾਪ ਪ੍ਰੈੱਸ 'ਚ ਕੰਮ ਕੀਤਾ। 1925 'ਚ ਦਾਦੀ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਵਾਪਸ ਲਾਹੌਰ ਵਿਖੇ ਆਪਣੇ ਪਿੰਡ ਆਉਣਾ ਪਿਆ ਸੀ। ਭਗਤ ਸਿੰਘ ਦੀ ਦਾਦੀ ਭਗਤ ਸਿੰਘ ਨੂੰ ਪਿਆਰ ਨਾਲ 'ਭਾਗਾਂ ਵਾਲਾ' ਕਹਿ ਕੇ ਬਲਾਉਂਦੀ ਸੀ।
ਅੰਗਰੇਜ਼ਾਂ ਪ੍ਰਤੀ ਵਿਦਰੋਹ

1919 'ਚ ਭਗਤ ਸਿੰਘ ਨੇ ਜਲ੍ਹਿਆਂਵਾਲਾ ਬਾਗ਼ ਅੰਮ੍ਰਿਤਸਰ ਦਾ ਦੌਰਾ ਕੀਤਾ, ਜਿੱਥੇ ਇਕ ਜਨ ਸਭਾ 'ਚ ਇਕੱਤਰ ਹੋਏ ਹਜ਼ਾਰਾਂ ਨਿਹੱਥੇ ਲੋਕਾਂ ਦੀ ਹੱਤਿਆ ਕੀਤੀ ਗਈ ਸੀ। ਇਸ ਖ਼ੂਨੀ ਸਾਕੇ ਦਾ ਭਗਤ ਸਿੰਘ ਦੇ ਮਨ 'ਤੇ ਡੂੰਘਾ ਅਸਰ ਪਿਆ। ਇਸ ਘਟਨਾ ਤੋਂ ਦੂਜੇ ਦਿਨ ਉਹ ਜਲ੍ਹਿਆਂਵਾਲਾ ਬਾਗ਼ ਗਏ ਤੇ ਖ਼ੂਨ ਨਾਲ ਭਿੱਜੀ ਮਿੱਟੀ ਲੈ ਕੇ ਵਾਪਸ ਆ ਗਏ। ਇਸ ਘਟਨਾ ਨੇ ਉਨ੍ਹਾਂ ਦੇ ਮਨ 'ਚ ਅੰਗਰੇਜ਼ਾਂ ਪ੍ਰਤੀ ਵਿਦਰੋਹ ਨੂੰ ਜਗਾ ਦਿੱਤਾ।
ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ
1928 'ਚ ਬਰਤਾਨਵੀ ਸਰਕਾਰ ਨੇ ਭਾਰਤ 'ਚ ਸਿਆਸੀ ਸਥਿਤੀ ਬਾਰੇ ਰਿਪੋਰਟ ਦੇਣ ਲਈ ਸਾਈਮਨ ਕਮਿਸ਼ਨ ਦੀ ਸਥਾਪਨਾ ਕੀਤੀ। ਕੁਝ ਭਾਰਤੀ ਸਿਆਸੀ ਪਾਰਟੀਆਂ ਨੇ ਕਮਿਸ਼ਨ ਦਾ ਬਾਈਕਾਟ ਕੀਤਾ, ਕਿਉਂਕਿ ਇਸ 'ਚ ਕੋਈ ਵੀ ਭਾਰਤੀ ਮੈਂਬਰ ਨਹੀਂ ਸੀ। ਜਦੋਂ ਇਹ ਕਮਿਸ਼ਨ 30 ਅਕਤੂਬਰ 1928 ਨੂੰ ਲਾਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗਵਾਈ 'ਚ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਭੀੜ ਨੂੰ ਭਜਾਉਣ ਦੀ ਕੋਸ਼ਿਸ਼ ਕਰਦੀ ਰਹੀ ਪਰ ਭੀੜ ਹਿੰਸਕ ਹੋ ਗਈ। ਇਸ ਵਿਰੋਧ 'ਚ ਹਿੱਸਾ ਲੈਣ ਵਾਲਿਆਂ 'ਤੇ ਅੰਗਰੇਜ਼ ਸੁਪਰਡੈਂਟ ਸਕਾਟ ਨੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ। ਇਸ ਲਾਠੀਚਾਰਜ ਨਾਲ ਜ਼ਖਮੀ ਹੋਣ ਕਰਕੇ ਲਾਲਾ ਲਾਜਪਤ ਰਾਏ ਦੀ ਮੌਤ ਹੋ ਗਈ। ਭਗਤ ਸਿੰਘ ਐੱਚਐੱਸਆਰਏ ਦਾ ਪ੍ਰਮੁੱਖ ਮੈਂਬਰ ਸੀ।।ਐੱਚਐੱਸਆਰਏ ਨੇ ਲਾਲਾ ਜੀ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਭਗਤ ਸਿੰਘ ਨੇ ਸਕਾਟ ਨੂੰ ਮਾਰਨ ਲਈ ਸੁਖਦੇਵ, ਰਾਜਗੁਰੂ, ਚੰਦਰਸ਼ੇਖਰ ਆਜ਼ਾਦ ਵਰਗੇ ਕ੍ਰਾਂਤੀਕਾਰੀਆਂ ਨਾਲ ਮਿਲ ਕੇ ਜੌਹਨ ਪੀ. ਸਾਂਡਰਸ, ਜੋ ਸਹਾਇਕ ਪੁਲਿਸ ਅਧਿਕਾਰੀ ਸੀ, ਨੂੰ ਗੋਲੀ ਮਾਰ ਦਿੱਤੀ ਤੇ ਲਾਲਾ ਜੀ ਦੀ ਮੌਤ ਦਾ ਬਦਲਾ ਲਿਆ।
ਅਸੈਂਬਲੀ 'ਚ ਬੰਬ ਸੁੱਟਣਾ

ਭਗਤ ਸਿੰਘ ਖ਼ੂਨ-ਖਰਾਬੇ ਦੇ ਬਿਲਕੁਲ ਹੱਕ 'ਚ ਨਹੀਂ ਸਨ। ਉਨ੍ਹਾਂ ਨੇ ਲੋਕਾਂ ਦੀ ਸੁਰੱਖਿਆ ਲਈ ਬਿੱਲ ਤੇ ਟਰੇਡ ਡਿਸਪਿਊਟਸ ਬਿੱਲ ਖ਼ਿਲਾਫ਼ ਅਸੈਂਬਲੀ 'ਚ ਨਕਲੀ ਬੰਬ ਸੁੱਟ ਕੇ ਅੰਗਰੇਜ਼ ਹਕੂਮਤ ਦਾ ਵਿਰੋਧ ਕਰਨਾ ਚਾਹਿਆ। ਇਸ ਲਈ ਭਗਤ ਸਿੰਘ ਤੇ ਬੁਟਕੇਸ਼ਵਰ ਦੱਤ ਨੇ 8 ਅਪ੍ਰੈਲ 1929 ਨੂੰ ਕੇਂਦਰੀ ਅਸੈਂਬਲੀ ਦੇ ਸੈਂਟਰਲ ਹਾਲ 'ਚ ਖ਼ਾਲੀ ਥਾਂ 'ਤੇ ਨਕਲੀ ਬੰਬ ਸੁੱਟਿਆ ਤੇ ਪਰਚੇ ਸੁੱਟਦਿਆਂ 'ਇਨਕਲਾਬ ਜ਼ਿੰਦਾਬਾਦ' ਦੇ ਨਾਅਰੇ ਲਗਾਏ। ਸਾਰਾ ਹਾਲ ਧੂੰਏਂ ਨਾਲ ਭਰ ਗਿਆ। ਉਹ ਚਾਹੁੰਦੇ ਤਾਂ ਉੱਥੋ ਭੱਜ ਸਕਦੇ ਸਨ ਪਰ ਉਨ੍ਹਾਂ ਨੇ ਆਪਣੀ ਇੱਛਾ ਨਾਲ ਪੁਲਸ ਨੂੰ ਗ੍ਰਿਫ਼ਤਾਰੀ ਦਿੱਤੀ। ਜਦੋਂ ਭਗਤ ਸਿੰਘ ਨੂੰ ਬੰਬ ਸੁੱਟਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਕਿਸੇ ਨੂੰ ਜਾਨੀ ਨੁਕਸਾਨ ਪਹੁੰਚਾਉਣਾ ਨਹੀਂ ਸੀ, ਸਗੋਂ ਸੱਤ ਸਮੁੰਦਰੋਂ ਪਾਰ ਬੈਠੀ ਬੋਲ਼ੀ ਸਰਕਾਰ ਦੇ ਕੰਨ ਖੋਲ੍ਹਣਾ ਸੀ। 'ਇਨਕਬਾਲ ਜ਼ਿੰਦਾਬਾਦ' ਦਾ ਨਾਅਰਾ ਪਹਿਲੀ ਵਾਰ ਸ਼ਹੀਦ ਭਗਤ ਸਿੰਘ ਨੇ ਦਿੱਤਾ ਸੀ, ਜੋ ਅੱਗੇ ਚੱਲ ਕੇ ਦੇਸ਼ ਦਾ ਨਾਅਰਾ ਬਣਿਆ।
ਫਾਂਸੀ ਲਾਉਣ ਦੀ ਮਿਤੀ 24 ਮਾਰਚ 1931 ਮੁਕਰਰ ਕੀਤੀ ਗਈ
ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ ਲਾਉਣ ਦੀ ਮਿਤੀ 24 ਮਾਰਚ 1931 ਮੁਕਰਰ ਕੀਤੀ ਗਈ ਸੀ ਪਰ ਲੋਕਾਂ ਦਾ ਇਕੱਠ 23 ਮਾਰਚ ਸਵੇਰ ਤੋਂ ਜੇਲ ਦੇ ਗੇਟ ਬਾਹਰ ਇਕੱਠਾ ਹੋਣ ਲੱਗਾ। ਲੋਕਾਂ ਦੀ ਬਗਾਵਤ ਤੋਂ ਡਰਦਿਆਂ ਅੰਗਰੇਜ਼ ਹਕੂਮਤ ਨੇ ਇਕ ਕੋਝੀ ਚਾਲ ਚਲਦਿਆਂ 23 ਮਾਰਚ 1931 ਨੂੰ ਸ਼ਾਮ 7:30 ਵਜੇ ਫਾਂਸੀ ਦੇਣ ਦੀ ਯੋਜਨਾ ਬਣਾਈ। ਜਦੋਂ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਫਾਂਸੀ ਦੇ ਤੱਖਤੇ ਤੱਕ ਲਿਜਾਉਣ ਲਈ ਪੁਲਸ ਕਰਮਚਾਰੀ ਆਏ ਤਾਂ ਉਸ ਸਮੇਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਭਗਤ ਸਿੰਘ ਨੇ ਕਿਹਾ ਰੁਕੋ ਇਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨਾਲ ਮੁਲਾਕਾਤ ਕਰ ਰਿਹਾ ਹੈ। ਇਸ ਤੋਂ ਬਾਅਦ ਭਗਤ ਸਿੰਘ ਕਿਤਾਬ ਦਾ ਪੰਨਾ ਮੋੜ ਪੁਲਸ ਕਰਮਚਾਰੀਆਂ ਨਾਲ ਤੁਰ ਪਿਆ। ਕਿਤਾਬ ਦਾ ਮੁੜਿਆ ਹੋਇਆ ਪੰਨਾਂ ਇੰਝ ਕਹਿ ਰਿਹਾ ਸੀ ਜਿਵੇਂ ਕਿ ਇਹ ਸੰਘਰਸ਼ ਅਧੂਰਾ ਹੈ ਜੋ ਆਉਣ ਵਾਲੀ ਪੀੜ੍ਹੀ ਪੂਰਾ ਕਰੇਗੀ। ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ ਦੀ ਸੀ। ਲੋਕਾਂ ਦੇ ਇਕੱਠ ਤੋਂ ਡਰਦਿਆਂ ਜੇਲ ਦੀ ਪਿਛਲੀ ਦੀਵਾਰ ਤੋੜ ਕੇ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਦੀਆਂ ਲਾਸ਼ਾਂ ਹੁਸੈਨੀਵਾਲਾ (ਫਿਰੋਜ਼ਪੁਰ) ਸਤਲੁਜ ਦਰਿਆਂ ਦੇ ਕੰਢੇ 'ਤੇ ਜਲ੍ਹਾ ਦਿੱਤੀਆਂ ਗਈਆਂ ਸਨ।

ਭਗਤ ਸਿੰਘ ਜਿੱਥੇ ਇਕ ਸਿਰਕੱਢ ਕ੍ਰਾਂਤੀਕਾਰੀ ਸੀ, ਉੱਥੇ ਹੀ ਉੱਘੇ ਵਿਦਵਾਨ ਵੀ ਸਨ। ਭਗਤ ਸਿੰਘ ਨੇ ਵਿਦੇਸ਼ੀ ਆਜ਼ਾਦੀ ਘੁਲਾਟੀਆਂ ਦੀਆਂ ਸਵੈ-ਜੀਵਨੀਆਂ ਦਾ ਭਾਰਤੀ ਭਾਸ਼ਾ 'ਚ ਅਨੁਵਾਦ ਕਰਨ ਦੇ ਨਾਲ-ਨਾਲ ਖੁਦ ਵੀ ਕਿਤਾਬਾਂ ਅਤੇ ਪਰਚੇ ਲਿਖੇ। ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦਾ ਬੇਹੱਦ ਸ਼ੌਕ ਸੀ। ਉਹ ਆਪਣੇ ਨਾਲ ਹਰ ਵੇਲੇ ਕਿਤਾਬ ਅਤੇ ਪਿਸਤੌਲ ਰੱਖਦੇ ਸਨ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।



