ਸ਼ੋਪੀਆਂ ਐਨਕਾਊਂਟਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ, ਲਸ਼ਕਰ ਦੇ ਤਿੰਨ ਅੱਤਵਾਦੀ ਘੇਰੇ

by jaskamal

ਨਿਊਜ਼ ਡੈਸਕ (ਜਸਕਮਲ) : ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਚੈੱਕ ਚੋਲੈਂਡ ਇਲਾਕੇ 'ਚ ਅੱਜ (ਬੁੱਧਵਾਰ) ਸਵੇਰੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ । ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸਥਾਨਕ ਪੁਲਿਸ ਤੇ ਸੁਰੱਖਿਆ ਬਲਾਂ ਨੂੰ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਸੁਰੱਖਿਆ ਬਲਾਂ ਨਾਲ ਅੱਤਵਾਦੀਆਂ ਦੀ ਮੁੱਠਭੇੜ ਹੋਈ। ਸਭ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਦੀ ਚੇਤਾਵਨੀ ਦਿੱਤੀ। ਅੱਤਵਾਦੀਆਂ ਨੇ ਇਸ ਚੇਤਾਵਨੀ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਸ਼ੁਰੂਆਤੀ ਜਾਣਕਾਰੀ ਦੇ ਆਧਾਰ 'ਤੇ ਦੱਸਿਆ ਜਾ ਰਿਹਾ ਹੈ ਕਿ ਲਸ਼ਕਰ-ਏ-ਤੋਇਬਾ ਅੱਤਵਾਦੀ ਸੰਗਠਨ ਨਾਲ ਸਬੰਧਤ ਦੋ ਤੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਲਾਊਡਸਪੀਕਰਾਂ ਰਾਹੀਂ ਮੁਕਾਬਲੇ ਵਾਲੀ ਥਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਫਿਲਹਾਲ ਅੱਤਵਾਦੀਆਂ ਵਲੋਂ ਰੁਕ-ਰੁਕ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ।

20 ਅਕਤੂਬਰ ਨੂੰ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ TRF ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ 'ਚ ਟੀਆਰਐੱਫ ਦੇ ਜ਼ਿਲ੍ਹਾ ਕਮਾਂਡਰ ਆਦਿਲ ਅਹਿਮਦ ਵਾਨੀ ਵੀ ਸ਼ਾਮਲ ਸਨ। ਇੱਥੇ ਦੱਸ ਦੇਈਏ ਕਿ ਆਦਿਲ ਉਹੀ ਅੱਤਵਾਦੀ ਸੀ ਜਿਸ ਨੇ ਪਿਛਲੇ ਸਾਲ ਅਕਤੂਬਰ 'ਚ ਪੁਲਵਾਮਾ 'ਚ ਸਹਾਰਨਪੁਰ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਾਕਿਰ ਅਹਿਮਦ ਵਾਨੀ ਨੂੰ ਟਾਰਗੇਟ ਕਿਲਿੰਗ ਤਹਿਤ ਮਾਰ ਦਿੱਤਾ ਸੀ।

ਜੰਮੂ-ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਕਸ਼ਮੀਰ 'ਚ ਗਿਣਤੀ ਦੇ ਬਾਕੀ ਅੱਤਵਾਦੀਆਂ ਨੂੰ ਕਿਸੇ ਵੀ ਹਾਲਤ 'ਚ ਮੁਆਫ਼ ਨਹੀਂ ਕੀਤਾ ਜਾਵੇਗਾ। ਕਸ਼ਮੀਰ 'ਚ ਤਿਆਰ-ਬਰ-ਤਿਆਰ ਪੁਲਿਸ ਮੁਲਾਜ਼ਮ ਤੇ ਹੋਰ ਸੁਰੱਖਿਆ ਏਜੰਸੀਆਂ ਦੁਸ਼ਮਣ ਦੇਸ਼ ਦੀ ਇਸ ਨਾਪਾਕ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਣਗੇ।