ਬਠਿੰਡਾ ਦੇ SSP ਸਣੇ 6 ਵੱਡੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

by jaskamal

ਨਿਊਜ਼ ਡੈਸਕ (ਜਸਕਮਲ) : ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ 'ਸੁਰੱਖਿਆ 'ਚ ਕੁਤਾਹੀ' ਨੂੰ ਲੈ ਕੇ ਕਾਰਵਾਈ ਕਰਦਿਆਂ ਬਠਿੰਡਾ ਦੇ SSP ਸਣੇ 6 ਸੀਨੀਅਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਕਮੇਟੀ ਦੇ ਅਧਿਕਾਰੀਆਂ ਨੇ ਦਿੱਤੀ।

ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸਐੱਸਪੀ) ਅਜੈ ਮਲੂਜਾ ਤੇ ਪੰਜ ਹੋਰ ਅਧਿਕਾਰੀ ਪ੍ਰਧਾਨ ਮੰਤਰੀ ਦੀ 5 ਜਨਵਰੀ ਨੂੰ ਸੂਬੇ ਦੇ ਦੌਰੇ ਦੌਰਾਨ ਸੁਰੱਖਿਆ ਲਈ ਜ਼ਿੰਮੇਵਾਰ ਸਨ ਤੇ ਉਨ੍ਹਾਂ ਨੂੰ ਨੋਟਿਸ ਦਾ ਜਵਾਬ ਦੇਣ ਲਈ ਕਿਹਾ ਗਿਆ ਹੈ। ਗ੍ਰਹਿ ਮੰਤਰਾਲੇ ਨੇ ਇਸ ਘਟਨਾ ਨੂੰ ਸੁਰੱਖਿਆ 'ਚ 'ਵੱਡੀ ਕੁਤਾਹੀ' ਕਰਾਰ ਦਿੱਤਾ ਸੀ। ਇਸ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, "ਹਾਂ, ਅਸੀਂ ਬਠਿੰਡਾ ਦੇ ਐੱਸਐੱਸਪੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ 'ਚ ਗੰਭੀਰ ਕਮੀਆਂ ਬਾਰੇ ਜਵਾਬ ਦੇਣ ਲਈ ਕਿਹਾ ਹੈ।"

ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਡਿਊਟੀ 'ਤੇ ਰਹੇ ਪੰਜਾਬ ਪੁਲਿਸ ਦੇ ਘੱਟੋ-ਘੱਟ ਪੰਜ ਹੋਰ ਸੀਨੀਅਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਬਾਕੀ ਅਧਿਕਾਰੀਆਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ, ਪਰ ਸੂਤਰਾਂ ਨੇ ਕਿਹਾ ਕਿ ਉਹ ਐੱਸਐੱਸਪੀ, ਡੀਆਈਜੀ ਤੇ ਇਸ ਤੋਂ ਉੱਪਰ ਦੇ ਰੈਂਕ ਦੇ ਪੁਲਿਸ ਅਧਿਕਾਰੀ ਸਨ।