ਬਠਿੰਡਾ : ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਬਣਾਉਣ ਵਾਲੇ ਸੁਖਪਾਲ ਖਹਿਰਾ ਖੁੱਲ੍ਹ ਕੇ ਨਵਜੋਤ ਸਿੰਘ ਸਿੱਧੂ ਦੇ ਹੱਕ 'ਚ ਸਾਹਮਣੇ ਆਏ ਹਨ। ਉਨ੍ਹਾਂ ਨੇ ਸਿੱਧੂ ਨੂੰ ਆਪਣੇ ਨਾਲ ਆਉਣ ਦਾ ਸੱਦਾ ਵੀ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਸੱਚ ਬੋਲ ਰਹੇ ਹਨ ਤੇ ਇਸ ਸਵਾਗਤ ਯੋਗ ਹੈ। ਪੀਡੀਏ ਦਾ ਦਰਵਾਜ਼ਾ ਉਨ੍ਹਾਂ ਲਈ ਖੁੱਲ੍ਹਾ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਕਿਹਾ ਕਿ ਸਿੱਧੂ ਇਮਾਨਦਾਰ ਆਗੂ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦੀ ਮਿਲੀਭੁਗਤ ਸਬੰਧੀ ਜੋ ਗੱਲ ਕਹੀ ਹੈ ਉਹ ਸਹੀ ਹੈ।
ਸਿੱਧੂ ਜੇਕਰ ਬਾਦਲ ਤੇ ਕੈਪਟਨ ਦੀ ਅੰਦਰੂਨੀ ਸਾਂਝ ਤੋੜਨਾ ਚਾਹੁੰਦੇ ਹਨ ਤੇ ਪੀਡੀਏ 'ਚ ਸ਼ਾਮਲ ਹੋ ਜਾਣ।ਖਹਿਰਾ ਨੇ ਸਿੱਧੂ ਦੀ ਕਾਫੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਕਿਹਾ ਕਿ ਕੋਈ ਨੰਬਰਦਾਰੀ ਛੱਡਣ ਲਈ ਤਿਆਰ ਨਹੀਂ ਹੈ ਪਰ ਸਿੱਧੂ ਮੰਤਰੀ ਦੇ ਅਹੁਦੇ ਨੂੰ ਵੀ ਠੁਕਰਾਉਣ ਨੂੰ ਤਿਆਰ ਹਨ।ਉਨ੍ਹਾਂ ਕਿਹਾ ਕਿ ਸਿੱਧੂ ਨੇ ਬੇਅਦਬੀ ਦੇ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਦੀ ਨੀਅਤ 'ਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਸਰਕਾਰ ਵੱਲੋਂ ਗਠਿਤ ਕਮਿਸ਼ਨ ਦੇ ਰਿਪੋਰਟ ਦਿੱਤੇ ਜਾਣ ਤੋਂ ਬਾਅਦ ਵੀ ਬਾਦਲਾਂ 'ਤੇ ਕੋਈ ਕਾਰਵਾਈ ਨਾ ਕੀਤੇ ਜਾਣਾ ਅਮਰਿੰਦਰ ਸਿੰਘ ਦੀ ਮਨਸ਼ਾ ਸਾਫ ਕਰਦਾ ਹੈ। ਇਸ ਮਾਮਲੇ ਨੂੰ ਸਿੱਧੂ ਨੇ ਜਿਸ ਤਰ੍ਹਾਂ ਕਿਸੇ ਵੀ ਗੰਭੀਰ ਨਤੀਜੇ ਦੀ ਪਰਵਾਹ ਕੀਤੇ ਬਿਨਾਂ ਆਪਣੇ ਹੀ ਸੀਐੱਮ 'ਤੇ ਸਵਾਲ ਕੀਤਾ ਹੈ, ਉਸ ਦੀ ਹਿੰਮਤ ਬਿਆਨ ਕਰਦਾ ਹੈ।



