ਵਧ ਸਕਦੀਆਂ ਨੇ ਸਿੱਧੂ ਦੀਆਂ ਮੁਸ਼ਕਿਲਾਂ; ਰੋਡ ਰੇਜ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

by jaskamal

ਨਿਊਜ਼ ਡੈਸਕ : ਸੁਪਰੀਮ ਕੋਰਟ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ 1988 ਦੇ ਰੋਡ ਰੇਜ ਮਾਮਲੇ 'ਚ ਮਈ 2018 'ਚ ਸੁਣਾਈ ਗਈ ਸਜ਼ਾ 'ਤੇ ਮੁੜ ਵਿਚਾਰ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਜਸਟਿਸ ਏਐੱਮ ਖਾਨਵਿਲਕਰ ਤੇ ਜਸਟਿਸ ਐੱਸਕੇ ਕੌਲ ਦੀ ਵਿਸ਼ੇਸ਼ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। 1988 'ਚ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਵਿਅਕਤੀ ਨੂੰ ਸੱਟ ਮਾਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ ਪਰ ਇਸ ਮਾਮਲੇ 'ਚ ਜੇਲ੍ਹ ਦੀ ਸਜ਼ਾ ਨਹੀਂ ਸੁਣਵਾਈ ਗਈ ਸੀ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ।

ਜ਼ਿਕਰਯੋਗ ਹੈ ਕਿ ਮਈ 2018 'ਚ ਆਪਣੇ ਫ਼ੈਸਲੇ 'ਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਨੂੰ ਇਕ ਵਿਅਕਤੀ ਨੂੰ ਜਾਣਬੁੱਝ ਕੇ ਸੱਟ ਮਾਰਨ ਦਾ ਦੋਸ਼ੀ ਠਹਿਰਾਇਆ ਸੀ। ਹਾਲਾਂਕਿ ਅਦਾਲਤ ਨੇ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਸੁਣਾਈ ਸੀ ਤੇ ਸਿਰਫ਼ 1000 ਰੁਪਏ ਦਾ ਜੁਰਮਾਨਾ ਕੀਤਾ ਸੀ। ਬਾਅਦ ਵਿੱਚ 22 ਮਾਰਚ ਨੂੰ ਮਾਮਲੇ ਵਿੱਚ 25 ਮਾਰਚ ਤੱਕ ਸੁਣਵਾਈ ਟਾਲ ਦਿੱਤੀ ਗਈ ਸੀ ਤੇ ਅੱਜ ਦੁਪਹਿਰ 2 ਵਜੇ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ। 25 ਫਰਵਰੀ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇਕ ਅਰਜ਼ੀ ਉਤੇ ਦੋ ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਲਈ ਕਿਹਾ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਕੇਸ ਵਿੱਚ ਉਸ ਨੂੰ ਦੋਸ਼ੀ ਠਹਿਰਾਉਣ ਦੀ ਸਜ਼ਾ ਸਿਰਫ਼ ਆਪਣੀ ਮਰਜ਼ੀ ਨਾਲ ਸੱਟ ਪਹੁੰਚਾਉਣ ਦੇ ਘੱਟ ਅਪਰਾਧ ਲਈ ਨਹੀਂ ਹੋਣੀ ਚਾਹੀਦੀ ਸੀ।