ਅੰਮ੍ਰਿਤਸਰ (ਰਾਘਵ) : ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੇ ਸਾਂਝੇ ਆਪ੍ਰੇਸ਼ਨ 'ਚ ਇਕ ਸਮੱਗਲਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਤਸਕਰ ਦੇ ਕਬਜ਼ੇ 'ਚੋਂ ਡਰੱਗ ਮਨੀ, ਪਿਸਤੌਲ ਅਤੇ ਜਿੰਦਾ ਰੌਂਦ ਬਰਾਮਦ ਹੋਏ ਹਨ। ਜਾਣਕਾਰੀ ਅਨੁਸਾਰ ਬੀ.ਐਸ.ਐਫ ਅਤੇ ਐਸ.ਟੀ.ਐਫ ਸਮੇਤ ਪੁਲਿਸ ਟੀਮ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਕਸਬਾ ਅਜਨਾਲਾ ਦੇ ਇੱਕ ਪਿੰਡ ਵਿੱਚ ਛਾਪਾ ਮਾਰ ਕੇ ਇੱਕ ਭਾਰਤੀ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਤਸਕਰ ਦੇ ਕਬਜ਼ੇ 'ਚੋਂ 5,00,000 (5 ਲੱਖ ਰੁਪਏ) ਦੀ ਨਸ਼ੀਲੀਆਂ ਗੋਲੀਆਂ, ਇਕ ਪਿਸਤੌਲ, 3 ਜਿੰਦਾ ਰੌਂਦ ਅਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਏਜੰਸੀ ਨੂੰ ਸੂਚਨਾ ਮਿਲੀ ਸੀ ਕਿ ਉਕਤ ਸਮੱਗਲਰ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਦਾ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



