ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬ੍ਰਿਟਿਸ਼ ਕੋਲੰਬੀਆ ਅਸੈਂਬਲੀ ਦੇ ਸਪੀਕਰ

by nripost

ਅੰਮ੍ਰਿਤਸਰ (ਨੇਹਾ): ਬ੍ਰਿਟਿਸ਼ ਕੋਲੰਬੀਆ ਦੀ ਵਿਧਾਨ ਸਭਾ ਦੇ ਸਪੀਕਰ ਰਾਜ ਚੌਹਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ । ਉਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਰਾਜ ਚੌਹਾਨ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼ਾਮਲ ਹੋਣ ਲਈ ਸੱਦਾ ਮਿਲਿਆ ਸੀ, ਪਰੰਤੂ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੋਣ ਕਾਰਨ ਉਹ ਉਸ ਸਮੇਂ ਹਾਜ਼ਰ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ।

ਉਨ੍ਹਾਂ ਕਿਹਾ ਕਿ ਇਹ ਪਾਵਨ ਅਸਥਾਨ ਸਮੁੱਚੀ ਮਾਨਵਤਾ ਲਈ ਅਧਿਆਤਮਕਤਾ ਦਾ ਸੋਮਾ ਹੈ, ਜਿਥੋਂ ਮਨੁੱਖਤਾ ਨੂੰ ਆਪਸੀ ਭਾਈਚਾਰੇ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਸੱਦਾ ਪੱਤਰ ਅਤੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਜਸਪਾਲ ਸਿੰਘ ਢੱਡੇ, ਸੂਚਨਾ ਅਧਿਕਾਰੀ ਰਣਧੀਰ ਸਿੰਘ, ਕੈਨੇਡਾ ਨਿਵਾਸੀ ਬਲਬੀਰ ਸਿੰਘ ਚੰਗਿਆੜਾ ਅਤੇ ਸ੍ਰੀ ਰਾਜ ਚੌਹਾਨ ਦੇ ਪਰਿਵਾਰਕ ਮੈਂਬਰ ਭਰਾ ਸੁਰਿੰਦਰਜੀਤ, ਪਤਨੀ ਸ੍ਰੀਮਤੀ ਇੰਦਰ ਚੌਹਾਨ ਅਤੇ ਬੇਟੀ ਅੰਮ੍ਰਿਤਾ ਚੌਹਾਨ ਆਦਿ ਮੌਜੂਦ ਸਨ।

More News

NRI Post
..
NRI Post
..
NRI Post
..