ਅੰਮ੍ਰਿਤਸਰ (ਪਾਇਲ) : ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵੱਲੋਂ ਜਲ ਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ ਅਤੇ ਰਿਕਵਰੀ ਅਤੇ ਚੈਕਿੰਗ ਲਈ ਦਿੱਤੇ ਗਏ ਟੀਚਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਵਧੀਕ ਕਮਿਸ਼ਨਰ ਨੇ ਵੱਖ-ਵੱਖ ਜ਼ੋਨਾਂ ਤਹਿਤ ਦਿੱਤੇ ਗਏ ਰਿਕਵਰੀ ਟੀਚਿਆਂ ਨੂੰ ਪੂਰਾ ਨਾ ਕਰਨ ਅਤੇ ਦਿੱਤੇ ਨੋਟਿਸਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੁਨੈਕਸ਼ਨ ਕੱਟਣ ਦੀ ਕਾਰਵਾਈ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਅਤੇ ਹਦਾਇਤ ਕੀਤੀ ਗਈ ਕਿ ਦਿੱਤੇ ਗਏ ਟੀਚਿਆਂ ਨੂੰ ਹਰ ਹਾਲਤ ਵਿੱਚ ਪੂਰਾ ਕੀਤਾ ਜਾਵੇ ਅਤੇ ਵਪਾਰਕ ਅਦਾਰਿਆਂ ਦੇ ਕੁਨੈਕਸ਼ਨ ਅਣਅਧਿਕਾਰਤ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ ਜਾਣ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਰਜਿੰਦਰ ਸ਼ਰਮਾ ਤੋਂ ਇਲਾਵਾ ਸਮੂਹ ਐਸ.ਡੀ.ਓਜ਼ ਅਤੇ ਜੇ.ਈਜ਼ ਮੌਜੂਦ ਸਨ।
ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਨਗਰ ਨਿਗਮ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਲ ਤੇ ਸੀਵਰੇਜ ਵਿਭਾਗ ਵੱਲੋਂ ਰਿਕਵਰੀ ਵਧਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਪੈਂਡਿੰਗ ਕਰੋੜਾਂ ਰੁਪਏ ਦੇ ਬਕਾਏ ਨੂੰ ਨਿਪਟਾਉਣ ਲਈ ਵੱਖ-ਵੱਖ ਜ਼ੋਨਾਂ ਵਿੱਚ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਟੀਚੇ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਵਪਾਰਕ ਅਦਾਰਿਆਂ ਵਿੱਚ ਪਾਣੀ ਅਤੇ ਸੀਵਰੇਜ ਦੇ ਨਾਜਾਇਜ ਕੁਨੈਕਸ਼ਨਾਂ ਖਾਸ ਕਰ ਕੇ ਕਮਰਸ਼ੀਅਲ ਅਦਾਰੇ ਚੈੱਕ ਕਰਨ ਲਈ ਵੀ ਟੀਚੇ ਦਿੱਤੇ ਗਏ ਹਨ ਇਸ ਦੇ ਨਾਲ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਕਮਰਸ਼ੀਅਲ ਅਦਾਰਿਆਂ ਨੇ ਕੁਨੈਕਸ਼ਨ ਲਏ ਹਨ। ਉਨ੍ਹਾਂ ਨੂੰ ਉਨ੍ਹਾਂ ਵਲੋਂ ਕੀਤੀ ਜਾ ਰਹੀ ਖਪਤ ਮੁਤਾਬਿਕ ਬਿਲ ਭੇਜੇ ਜਾਣ।
ਵਧੀਕ ਕਮਿਸ਼ਨਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਵਿਭਾਗ ਦਾ ਕੁੱਲ ਟੀਚਾ 15 ਕਰੋੜ ਰੁਪਏ ਸੀ, ਜਿਸ ਵਿੱਚੋਂ ਸਤੰਬਰ ਮਹੀਨੇ ਤੱਕ 2.09 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ, ਜਦੋਂ ਕਿ ਇਸ ਵਿੱਤੀ ਸਾਲ 2025-26 ਦੌਰਾਨ ਵਿਭਾਗ ਵੱਲੋਂ 16 ਕਰੋੜ ਰੁਪਏ ਦੇ ਮੁਕਾਬਲੇ 6.05 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ, ਜੋ ਕਿ ਪਿਛਲੇ ਸਾਲ ਨਾਲੋਂ 3.96 ਕਰੋੜ ਰੁਪਏ ਵੱਧ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ 588 ਦੇ ਕਰੀਬ ਕਮਰਸ਼ੀਅਲ ਅਦਾਰਿਆਂ ਨੂੰ ਨੋਟਿਸ ਦਿੱਤੇ ਗਏ ਹਨ ਜਿਨ੍ਹਾਂ ਸਬੰਧੀ ਵਿਭਾਗ ਵਲੋਂ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਰਿਕਵਰੀ ਕੀਤੀ ਜਾ ਰਹੀ ਹੈ। ਜਿਸ ਸੰਬੰਧ 'ਚ ਵਧੀਕ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਜੇ.ਈ.ਨੂੰ ਆਪਣੇ-ਆਪਣੇ ਖੇਤਰ ਵਿੱਚ ਦਿੱਤੇ ਨੋਟਿਸਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਇੱਕ ਹਫ਼ਤੇ ਵਿੱਚ 5 ਕੁਨੈਕਸ਼ਨ ਕੱਟਣ ਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹਰੇਕ ਕਲੋਨੀ ਵਿੱਚ ਨੋਟਿਸਾਂ ਦੀ ਵੰਡ ਨਾ ਕੀਤੀ ਜਾਵੇ ਅਤੇ ਇੱਕ ਕਲੋਨੀ ਵਿੱਚ ਸਾਰੇ ਨਾਜਾਇਜ਼ ਕੁਨੈਕਸ਼ਨਾਂ ਦੇ ਨੋਟਿਸ ਦਿੱਤੇ ਜਾਣ। ਇਸ ਤੋਂ ਇਲਾਵਾ ਇਨ੍ਹਾਂ ਕਲੋਨੀਆਂ ਵਿੱਚ ਕੈਂਪ ਵੀ ਲਗਾਏ ਜਾਣ ਤਾਂ ਜੋ ਲੋਕ ਆਪਣੇ ਪਾਣੀ ਅਤੇ ਸੀਵਰੇਜ ਦਾ ਕੁਨੈਕਸ਼ਨ ਰੈਗੁਲਰ ਕਰਵਾ ਸਕਣ ਅਤੇ ਕੈਂਪ ਲੱਗਣ ਤੋਂ 4 ਦਿਨ ਪਹਿਲਾਂ ਵਿਭਾਗ ਅਤੇ ਕਾਲੋਨੀ ਵਾਸੀਆਂ ਨੂੰ ਸੁਚਿਤ ਕੀਤਾ ਜਾਵੇ।
ਸਾਰੇ ਐਸ.ਡੀ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਰ ਹਫ਼ਤੇ 10 ਵਪਾਰਕ ਅਦਾਰਿਆਂ ਦੀ ਚੈਕਿੰਗ ਕਰਨ ਅਤੇ ਉਨ੍ਹਾਂ ਦੀ ਖਪਤ ਅਨੁਸਾਰ ਬਿੱਲ ਭੇਜਣ ਦੀ ਪ੍ਰਕਿਰਿਆ ਨੂੰ ਲਾਗੂ ਕਰਨ। ਵਧੀਕ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਵਪਾਰਕ ਅਦਾਰੇ ਬਕਾਇਆ ਪਏ ਹਨ, ਉਨ੍ਹਾਂ ਦੀ ਬਿਲਿੰਗ ਤੁਰੰਤ ਪ੍ਰਭਾਵ ਨਾਲ ਕੀਤੀ ਜਾਵੇ ਤਾਂ ਜੋ ਨਗਰ ਨਿਗਮ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ 'ਚ ਨਾਜਾਇਜ਼ ਕੁਨੈਕਸ਼ਨ ਪਾਏ ਜਾਂਦੇ ਹਨ ਅਤੇ ਜੇਕਰ ਇਨ੍ਹਾਂ ਨਾਜਾਇਜ਼ ਕੁਨੈਕਸ਼ਨਾਂ ਕਾਰਨ ਕੋਈ ਘਟਨਾ ਵਾਪਰਦੀ ਹੈ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਇਲਾਕੇ ਦੇ ਐੱਸ.ਡੀ.ਓਜ਼ ਅਤੇ ਜੇ.ਈ ਦੀ ਹੋਵੇਗੀ। ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ, ਇਸ ਲਈ ਨਾਜਾਇਜ਼ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।



