ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਦੀ ਥਾਂ ’ਤੇ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ’ਤੇ ਨਿਯੁਕਤ ਕਰ ਦਿੱਤਾ ਗਿਆ ਹੈ ਪਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ’ਚ ਕੀ ਭੂਮਿਕਾ ਨਿਭਾਉਣਗੇ ਇਸ ਬਾਰੇ ਫਿਲਹਾਲ ਕੋਈ ਵੀ ਫ਼ੈਸਲਾ ਪਾਰਟੀ ਵੱਲੋਂ ਨਹੀਂ ਕੀਤਾ ਗਿਆ ਹੈ ਅਤੇ ਇਸ ਬਾਰੇ ਸਸਪੈਂਸ ਬਰਕਰਾਰ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਜ਼ਰੀਏ ਕਾਂਗਰਸ ’ਚ ਆਏ ਚਰਨਜੀਤ ਸਿੰਘ ਚੰਨੀ ਸ਼ੁਰੂ ਤੋਂ ਹੀ ਰਾਹੁਲ ਗਾਂਧੀ ਦੇ ਮਨਪਸੰਦ ਆਗੂ ਰਹੇ ਹਨ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਪਹਿਲਾਂ ਵਿਰੋਧੀ ਧਿਰ ਦਾ ਨੇਤਾ ਫਿਰ ਮੰਤਰੀ ਅਤੇ ਬਾਅਦ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਥਾਂ ’ਤੇ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ ਅਤੇ ਸਿੱਧੂ ਦੀ ਨਰਾਜ਼ਗੀ ਨੂੰ ਨਜ਼ਰ-ਅੰਦਾਜ਼ ਕਰਦੇ ਹੋਏ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਵੀ ਐਲਾਨਿਆ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਕਾਂਗਰਸ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ।
ਚੋਣ ਨਤੀਜਿਆਂ ਤੋਂ ਬਾਅਦ ਪੰਜਾਬ ਕਾਂਗਰਸ ਦੀ ਮੀਟਿੰਗ ਤੋਂ ਇਲਾਵਾ ਚੰਨੀ ਰਾਹੁਲ ਗਾਂਧੀ ਅਤੇ ਭਗਵੰਤ ਮਾਨ ਨਾਲ ਮੁਲਾਕਾਤ ਦੌਰਾਨ ਹੀ ਨਜ਼ਰ ਆਏ ਹਨ ਜਦਕਿ ਚੰਨੀ ਨੇ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਈ ਹੋਈ ਹੈ ਅਤੇ ਨਾ ਹੀ ਆਪਣੇ ਵਿਧਾਨ ਸਭਾ ਖੇਤਰ ਦੇ ਕਿਸੇ ਸਮਾਗਮ ਵਿਚ ਨਜ਼ਰ ਆ ਰਹੀ ਰਹੇ ਹਨ।



