ਪੁੱਤ ਦਾ ਮਾਮਲਾ ਸੰਸਦ ’ਚ ਚੁੱਕਣ ’ਤੇ ਬਲਕੌਰ ਸਿੰਘ ਦਾ ਧੰਨਵਾਦ

by vikramsehajpal

ਵੈੱਬ ਡੈਸਕ (ਸਾਹਿਬ) - ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਕਿਹਾ ਹੈ ਕਿ ਬੀਤੇ ਦਿਨੀਂ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਉਨ੍ਹਾਂ ਦੇ ਪੁੱਤਰ ਦੀ ਹੱਤਿਆ ਦਾ ਮਾਮਲਾ ਸੰਸਦ ਵਿਚ ਚੁੱਕਿਆ ਗਿਆ ਹੈ ਜਿਸ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਪਰਿਵਾਰ ਨੂੰ ਇਨਸਾਫ ਜ਼ਰੂਰ ਮਿਲੇਗਾ। ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨਾਲ ਹੀ ਸਵਾਲ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੈਠਾ ਇੱਕ ਗੈਂਗਸਟਰ ਕਿਵੇਂ ਕਤਲ ਕਰਵਾ ਸਕਦਾ ਹੈ। ਭਾਸ਼ਣ ’ਤੇ ਧੰਨਵਾਦ ਦੇ ਮਤੇ ’ਤੇ ਬਹਿਸ ਵਿਚ ਹਿੱਸਾ ਲੈਂਦਿਆਂ ਲੁਧਿਆਣਾ ਦੇ ਸੰਸਦ ਮੈਂਬਰ ਵੜਿੰਗ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਜਦੋਂ ਕੌਮੀ ਸੁਰੱਖਿਆ ਦੇ ਦਾਅਵੇ ਕਰਦੀ ਹੈ ਤਾਂ ਉਨ੍ਹਾਂ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਿਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਮੂਸੇਵਾਲਾ ਦਾ ਕਤਲ ਕਿਵੇਂ ਕਰਵਾਇਆ।