AAP ਨੇ ਨਗਰ ਨਿਗਮ ਚੋਣਾਂ ਲਈ ਕੱਸੀ ਕਮਰ

by jaskamal

ਨਿਊਜ਼ ਡੈਸਕ : ਆਮ ਆਦਮੀ ਪਾਰਟੀ  ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਮਰ ਕੱਸ ਰਹੀ ਹੈ। ਵੀਰਵਾਰ ਨੂੰ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਨਗਰ ਨਿਗਮ, ਨਗਰ ਕੌਂਸਲ, ਨਗਰ ਪੰਚਾਇਤਾਂ ਨਾਲ ਸਬੰਧਤ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ 'ਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ, ਸਿੱਖਿਆ ਮੰਤਰੀ ਮੀਤ ਹੇਅਰ, ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਹੋਰ ਵਿਧਾਇਕ ਵੀ ਹਾਜ਼ਰ ਸਨ।

ਦੱਸਣਯੋਗ ਹੈ ਕਿ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਨਗਰ ਨਿਗਮਾਂ ਦੀਆਂ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਚੋਣਾਂ 'ਚ ਇਨ੍ਹਾਂ ਸਾਰੇ ਜ਼ਿਲ੍ਹਿਆਂ 'ਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਆਮ ਆਦਮੀ ਪਾਰਟੀ ਨੂੰ ਇਕਤਰਫਾ ਜਿੱਤ ਮਿਲੀ ਅਤੇ ਵਿਰੋਧੀ ਪਾਰਟੀਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ। ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵੱਡੇ ਆਗੂ ਚੋਣਾਂ ਹਾਰ ਗਏ। ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਬੰਪਰ ਜਿੱਤ ਤੋਂ ਬਾਅਦ ਪਾਰਟੀ ਨੂੰ ਨਗਰ ਨਿਗਮ ਚੋਣਾਂ ਵਿੱਚ ਜਿੱਤ ਦਾ ਪੂਰਾ ਭਰੋਸਾ ਹੈ।