ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ, ਕਿਹਾ- ਮੰਗਾਂ ਜਾਇਜ਼ ਹਨ…

by jaskamal

ਨਿਊਜ਼ ਡੈਸਕ : ਅੱਜ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਚੰਡੀਗੜ੍ਹ ਸੈਕਟਰ-35 ਦੇ ਮਿਊਂਸੀਪਲ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਪ੍ਰਤੀ ਜਾਣਿਆ। ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ Bhagwant Mann ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਿੱਤ ਹਰ ਸੰਭਵ ਕੋਸ਼ਿਸ਼ ਕਰਨ ਲਈ ਵਚਨਬੱਧ ਹੈ ਕਿਉਂਕਿ ਕਿਸਾਨੀ ਇਸ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਇਸੇ ਤਹਿਤ ਸੂਬਾ ਸਰਕਾਰ ਦਾ ਇਹ ਤਹੱਈਆ ਹੈ ਕਿ ਗੰਨਾ ਕਿਸਾਨਾਂ ਨੂੰ ਨਿੱਜੀ ਮਿੱਲਾਂ ਹੱਥੋਂ ਦੁਖੀ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨਿੱਜੀ ਗੰਨਾ ਮਿੱਲਾਂ ਦੇ ਮਾਲਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸਾਨਾਂ ਦੀਆਂ ਬਾਕੀ ਅਦਾਇਗੀਆਂ ਸਮੇਂ ਸਿਰ ਕਰਨ ਲਈ ਕਿਹਾ ਜਾਵੇਗਾ ਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮਿੱਲ ਬੰਦ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਨ੍ਹਾਂ ਦੀਆਂ ਮੰਗਾਂ ਹਰ ਮੀਟਿੰਗ ਵਿਚ 10-10 ਕਰ ਕੇ ਪੂਰੀਆਂ ਕੀਤੀਆਂ ਜਾਣਗੀਆਂ।