ਪੱਤਰ ਪ੍ਰੇਰਕ : ਜੰਮੂ-ਕਸ਼ਮੀਰ ਦੇ ਪੁੰਛ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਉੱਤਰਾਖੰਡ ਦੇ ਦੋ ਸ਼ਹੀਦ ਸੈਨਿਕਾਂ ਦੀਆਂ ਮ੍ਰਿਤਕ ਦੇਹਾਂ ਸੋਮਵਾਰ ਨੂੰ ਇੱਥੇ ਲਿਆਂਦੀਆਂ ਗਈਆਂ। ਜੌਲੀ ਗ੍ਰਾਂਟ ਹਵਾਈ ਅੱਡੇ 'ਤੇ ਫੌਜ ਨੇ ਦੋਵਾਂ ਸ਼ਹੀਦਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸ਼ਹੀਦ ਜਵਾਨਾਂ ਨੂੰ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ, ''ਦੇਸ਼ ਸਾਡੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗਾ, ਜਿਨ੍ਹਾਂ ਨੇ ਦੇਸ਼ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸੂਬਾ ਸਰਕਾਰ ਫੌਜੀ ਪਰਿਵਾਰਾਂ ਦੇ ਨਾਲ ਹਰ ਪਲ ਖੜੀ ਹੈ।
ਧਾਮੀ ਨੇ ਸ਼ਹੀਦ ਗੌਤਮ ਕੁਮਾਰ ਅਤੇ ਵਰਿੰਦਰ ਸਿੰਘ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਜਵਾਨਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀ ਗਈ ਕੁਰਬਾਨੀ ਸਾਨੂੰ ਸਾਰਿਆਂ ਨੂੰ ਦੇਸ਼ ਦੀ ਸੇਵਾ ਲਈ ਹਮੇਸ਼ਾ ਪ੍ਰੇਰਦੀ ਰਹੇਗੀ। ਬਾਅਦ ਵਿੱਚ ਦੋਵੇਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ ਨੂੰ ਫੌਜ ਦੇ ਹੈਲੀਕਾਪਟਰ ਰਾਹੀਂ ਉਨ੍ਹਾਂ ਦੇ ਘਰਾਂ ਨੂੰ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਬਫਲਿਆਜ਼ ਇਲਾਕੇ 'ਚ ਹੋਏ ਅੱਤਵਾਦੀ ਹਮਲੇ 'ਚ ਦੋਵੇਂ ਜਵਾਨ ਸ਼ਹੀਦ ਹੋ ਗਏ ਸਨ।



