36 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਕਲਰਕ ਨੇ ਕਾਲਜ ‘ਚ ਲਿਆ ਫ਼ਾਹਾ

by jaskamal

ਨਿਊਜ਼ ਡੈਸਕ : ਲਹਿਰਾਗਾਗਾ ਵਿਖੇ ਪੰਜਾਬ ਸਰਕਾਰ ਵੱਲੋਂ ਸਥਾਪਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਮੁਲਾਜ਼ਮਾਂ ਨੂੰ ਪਿਛਲੇ 36 ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਇਸ ਤੋਂ ਦੁਖ਼ੀ ਹੋ ਕੇ ਅੱਜ ਇਕ ਕਲਰਕ ਨੇ ਕਾਲਜ 'ਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਜ਼ਿਕਰਯੋਗ ਹੈ ਕਿ ਸਾਲ 2020 'ਚ ਉਕਤ ਨੌਜਵਾਨ ਪਹਿਲਾਂ ਵੀ ਤਨਖ਼ਾਹ ਨਾ ਮਿਲਣ ਕਾਰਨ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਚੁੱਕਾ ਸੀ ਪਰ ਸਰਕਾਰ ਤੇ ਪ੍ਰਸ਼ਾਸਨ ਜਾਂ ਵਿਭਾਗ ਨੇ ਉਸ ਸਮੇਂ ਵੀ ਕੋਈ ਸਬਕ ਨਹੀਂ ਲਿਆ, ਜਿਸ ਕਾਰਨ ਅੱਜ ਫਿਰ ਇਸ ਨੌਜਵਾਨ ਵੱਲੋਂ ਆਰਥਿਕ ਮੰਦੀ ਦੇ ਚੱਲਦਿਆਂ ਫ਼ਾਹਾ ਲੈ ਲਿਆ।

ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ। ਦੂਜੇ ਪਾਸੇ ਕਿਸਾਨ ਜੱਥੇਬੰਦੀਆਂ ਤੇ ਸੰਘਰਸ਼ ਕਰ ਰਹੀਆਂ ਜੱਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿੰਨਾ ਸਮਾਂ ਪਰਿਵਾਰ ਨੂੰ ਸਰਕਾਰੀ ਨੌਕਰੀ, ਮੁਆਵਜ਼ਾ ਅਤੇ ਬਾਕੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਹੀਂ ਪੈਂਦੀਆਂ, ਉਨ੍ਹਾਂ ਸਮਾਂ ਇਹ ਸੰਘਰਸ਼ ਜਾਰੀ ਰਹੇਗਾ ਤੇ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।