SGPC ਦਾ ਫ਼ੈਸਲਾ, 13 ਦਿਸੰਬਰ ਨੂੰ ਦਰਬਾਰ ਸਾਹਿਬ ਨਤਮਸਤਕ ਹੋਣ ਮੌਕੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ

by jaskamal

ਨਿਊਜ਼ ਡੈਸਕ (ਜਸਕਮਲ) : ਕਿਸਾਨਾਂ ਦੀ ਜਿੱਤ ਹੋਣ ਮਗਰੋਂ ਅੱਜ ਕਿਸਾਨਾਂ ਦੀ ਘਰ ਵਾਪਸੀ ਹੈ ਤੇ ਇਸੇ ਤਹਿਤ 13 ਦਿਸੰਬਰ ਨੂੰ ਕਿਸਾਨ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ, ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਹੈ।

ਸਨਮਾਨ ਸਮਾਗਮ ਸਬੰਧੀ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ 'ਚ ਕਈ ਹੋਰ ਅਹਿਮ ਫ਼ੈਸਲੇ ਵੀ ਲਏ ਗਏ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ 13 ਦਸੰਬਰ ਨੂੰ ਕਿਸਾਨ ਆਗੂਆਂ ਦਾ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ 'ਚ ਸਨਮਾਨ ਕਰੇਗੀ। ਉਨ੍ਹਾਂ ਦੱਸਿਆ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ 21 ਤੋਂ 30 ਦਸੰਬਰ ਤਕ ਸਾਦੇ ਲੰਗਰ ਚਲਾਏ ਜਾਣਗੇ। ਇਸ ਦੌਰਾਨ ਹਰ ਗੁਰਦੁਆਰਾ ਸਾਹਿਬ ਵਿਖੇ ਲੰਗਰਾਂ 'ਚ ਮਿੱਠੇ ਪਦਾਰਥ ਨਹੀਂ ਬਣਾਏ ਜਾਣਗੇ।

ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਤੇ ਹੋਰ ਸ਼ਹੀਦਾਂ ਨੂੰ ਯਾਦ ਕਰਦਿਆਂ ਜਾਪ ਕੀਤੇ ਜਾਣਗੇ।ਉਨ੍ਹਾਂ ਦੱਸਿਆ ਕਿ ਦੀਵਾਨ ਟੋਡਰ ਮੱਲ ਦੀ ਇਤਿਹਾਸਕ ਜਹਾਜ਼ ਹਵੇਲੀ ਦੀ ਸੰਭਾਲ ਲਈ ਇਕ ਕਮੇਟੀ ਸਥਾਪਤ ਕੀਤੀ ਗਈ ਹੈ ਤੇ ਇਸ ਹਵੇਲੀ ਸਬੰਧੀ ਹਾਈ ਕੋਰਟ 'ਚ ਚੱਲ ਰਹੇ ਕੇਸ ਦੇ ਨਿਪਟਾਰੇ ਲਈ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਕਰਨੀ ਚਾਹੀਦੀ ਹੈ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਕਾਰ ਨੇ ਇਨ੍ਹਾਂ ਦੀ ਰਿਹਾਈ ਦਾ ਐਲਾਨ ਕੀਤਾ ਸੀ।