ਬੇਅਦਬੀ ਮਾਮਲਾ : ਡੇਰਾ ਮੁਖੀ ਦੀ ਪਟੀਸ਼ਨ ’ਤੇ ਹੁਣ ਸੁਣਵਾਈ ਇਸ ਦਿਨ

by jaskamal

ਨਿਊਜ਼ ਡੈਸਕ : ਬੇਅਦਬੀ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਸੁਣਵਾਈ ਦੋ ਮਈ ਤਕ ਮੁਲਤਵੀ ਕਰ ਦਿੱਤੀ ਹੈ। ਹਾਲਾਂਕਿ ਮਾਮਲੇ ’ਚ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਮਾਮਲੇ ’ਚ ਡੇਰਾ ਮੁਖੀ ਨੂੰ ਹਿਰਾਸਤ ’ਚ ਲੈ ਕੇ ਤਫ਼ਤੀਸ਼ ਕੀਤੀ ਜਾਣੀ ਜ਼ਰੂਰੀ ਹੈ।

ਸੋਮਵਾਰ ਨੂੰ ਸੁਣਵਾਈ ਸ਼ੁਰੂ ਹੁੰਦਿਆਂ ਹੀ ਡੇਰਾ ਮੁਖੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਡਵੋਕੇਟ ਵਿਨੋਦ ਘਈ ਨੇ ਕਿਹਾ ਕਿ ਜਦੋਂ ਇਸ ਮਾਮਲੇ ’ਚ ਟ੍ਰਾਇਲ ਕੋਰਟ ’ਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਤਾਂ ਹੁਣ ਜਾਂਚ ਕਿਉਂ? ਇਸ ’ਤੇ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਕਿਹਾ ਕਿ ਇਸ ਮਾਮਲੇ ’ਚ ਡੇਰਾ ਮੁਖੀ ਤੋਂ ਪੁੱਛਗਿੱਛ ਕੀਤੀ ਜਾਣੀ ਜ਼ਰੂਰੀ ਹੈ ਤਾਂ ਜੋ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਜਾ ਸਕੇ। ਇਸ ਪਿੱਛੋਂ ਹਾਈ ਕੋਰਟ ਨੇ ਫਿਲਹਾਲ ਬਿਨਾਂ ਕੋਈ ਨਿਰਦੇਸ਼ ਦਿੱਤਿਆਂ ਸੁਣਵਾਈ 2 ਮਈ ਤਕ ਲਈ ਮੁਲਤਵੀ ਕਰ ਦਿੱਤੀ ਹੈ।