ਪੰਜਾਬ ‘ਚ ਕਾਨੂੰਨ-ਵਿਵਸਥਾ ਹਾਲਤ ਬਹੁਤ ਖਰਾਬ : ਚੀਮਾ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ ਨਹੀਂ ਹੈ। ਕਾਂਗਰਸ ਸਰਕਾਰ ਦੇ ਕਾਰਜਕਾਲ ਵਿਚ ਲੋਕਾਂ ਵਿਚ ਡਰ ਦਾ ਮਾਹੌਲ ਹੈ। ਕਾਰੋਬਾਰੀ ਅਤੇ ਸੈਲੀਬ੍ਰਿਟੀ ਹੀ ਨਹੀਂ, ਆਮ ਲੋਕ ਵੀ ਸੁਰੱਖਿਅਤ ਨਹੀਂ ਹਨ।

ਕਾਂਗਰਸ ਸਰਕਾਰ ਦੇ ਪਿਛਲੇ 4 ਸਾਲ 3 ਮਹੀਨਿਆਂ ਦੇ ਕਾਰਜਕਾਲ ਵਿਚ 7138 ਲੋਕਾਂ ਨੂੰ ਅਗਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਛੱਡਣ ਲਈ ਫਿਰੌਤੀ ਮੰਗੀ ਗਈ। ਇਹ ਸਭ ਮਾਮਲੇ ਉਹ ਹਨ, ਜਿਹੜੇ ਸਰਕਾਰੀ ਰਿਕਾਰਡ ਵਿਚ ਦਰਜ ਹਨ ਪਰ ਮੁਸੀਬਤ ਵਿਚ ਜਾਨ ਬਚਾਉਣ ਲਈ ਜਿਨ੍ਹਾਂ ਪੀੜਤਾਂ ਨੇ ਪੁਲਸ ਥਾਣਿਆਂ ਤਕ ਪਹੁੰਚ ਹੀ ਨਹੀਂ ਕੀਤੀ, ਉਨ੍ਹਾਂ ਦੀ ਕੋਈ ਗਿਣਤੀ ਨਹੀਂ ਹੈ।

ਚੀਮਾ ਨੇ ਕਿਹਾ ਕਿ ਇਕ ਜ਼ਮਾਨੇ ਵਿਚ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿਚ ਹੁੰਦੀਆਂ ਅਗਵਾ ਦੀਆਂ ਘਟਨਾਵਾਂ ਅੱਜ ਕੱਲ੍ਹ ਪੰਜਾਬ ਵਿਚ ਸਿਖਰ ’ਤੇ ਹਨ। ਇਸ ਲਈ ਕੋਈ ਹੋਰ ਨਹੀਂ, ਸਗੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ, ਜਿਨ੍ਹਾਂ ਕੋਲ ਪੰਜਾਬ ਸਰਕਾਰ ਦਾ ਗ੍ਰਹਿ ਵਿਭਾਗ ਹੈ। ਬਦ ਤੋਂ ਬਦਤਰ ਹੋਈ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰੀ ਅਤੇ ਜਵਾਬਦੇਹੀ ਕੈਪਟਨ ਅਮਰਿੰਦਰ ਸਿੰਘ ਦੀ ਹੈ। ਇਸ ਲਈ ਉਨ੍ਹਾਂ ਤੁਰੰਤ ਗ੍ਰਹਿ ਵਿਭਾਗ ਛੱਡ ਕੇ ਕਿਸੇ ਹੋਰ ਯੋਗ ਆਗੂ ਨੂੰ ਸੌਂਪ ਦੇਣਾ ਚਾਹੀਦਾ ਹੈ।