
ਚੰਡੀਗੜ੍ਹ (ਰਾਘਵ): ਪੰਜਾਬ ਵਿਚ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਸੂਬੇ ਵਿਚ ਇਕ ਵਾਰ ਫ਼ਿਰ ਸੀਤ ਲਹਿਰ ਦੇ ਨਾਲ-ਨਾਲ ਧੁੰਦ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਅਲਰਟ ਸਿਰਫ਼ ਅੱਜ ਦੇ ਦਿਨ ਲਈ ਹੈ ਤੇ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਨੇ ਧੁੰਦ ਜਾਂ ਸੀਤ ਲਹਿਰ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ। ਉੱਥੇ ਹੀ ਆਉਣ ਵਾਲੇ ਦਿਨਾਂ ਵਿਚ ਲਗਾਤਾਰ 3 ਦਿਨ ਬਰਸਾਤ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ 2 ਪੱਛਮੀ ਪ੍ਰਭਾਅ ਸਰਗਰਮ ਹੋ ਰਹੇ ਹਨ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਾ ਅਸਰ ਪੰਜਾਬ ਦੇ ਤਾਪਮਾਨ 'ਤੇ ਵੀ ਪੈ ਸਕਦਾ ਹੈ ਤੇ ਉੱਧਰੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਕਾਰਨ ਸੂਬੇ ਵਿਚ ਠੰਡ ਵੱਧ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੀ ਕਈ ਇਲਾਕਿਆਂ ਵਿਚ ਲਗਾਤਾਰ 3 ਦਿਨ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 30-31 ਜਨਵਰੀ ਅਤੇ 1 ਫ਼ਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਕਈ ਇਲਾਕਿਆਂ ਵਿਚ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ ਤੇ ਕਈ ਹੋਰ ਜ਼ਿਲ੍ਹਿਆਂ ਵਿਚ ਵੀ ਇਨ੍ਹਾਂ ਤਿੰਨ ਦਿਨਾਂ ਵਿਚਾਲੇ ਬਰਸਾਤ ਹੋ ਸਕਦੀ ਹੈ।